ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ)ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਗਿ੍ਫ਼ਤਾਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਪੀਲ ਕੀਤੀ ਹੈ | ਭੁੱਲਰ ਨੇ ਸੀ.ਬੀ.ਆਈ. ਦੀਆਂ ਕਾਰਵਾਈਆਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਅਤੇ ਜਾਂਚ ਏਜੰਸੀ ਦੇ ਅਧਿਕਾਰ ਖੇਤਰ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਇਕ ਪਟੀਸ਼ਨ ਦਾਇਰ ਕੀਤੀ ਹੈ | ਪਟੀਸ਼ਨ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਵਿਚ ਤਾਇਨਾਤ ਇਕ ਅਧਿਕਾਰੀ ਹਨ ਅਜਿਹੇ 'ਚ ਦਿੱਲੀ ਸਪੈਸ਼ਲ ਪੁਲਿਸ ਐਸਟੈਬਲਿਸ਼ਮੈਂਟ ਐਕਟ, 1946 ਦੀ ਧਾਰਾ 6 ਤਹਿਤ ਸੀ.ਬੀ.ਆਈ. ਨੂੰ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਜ਼ਰੂਰੀ ਸੀ | ਭੁੱਲਰ ਨੇ ਦਲੀਲ ਦਿੱਤੀ ਕਿ ਸੂਬੇ ਦੀ ਸਹਿਮਤੀ ਤੋਂ ਬਿਨਾਂ, ਉਨ੍ਹਾਂ ਦੇ ਖ਼ਿਲਾਫ਼ ਐਫ਼.ਆਈ.ਆਰ. ਦਰਜ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕਦਾ ਹੈ |