ਸਨੌਰ, 23 ਨਵੰਬਰ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਸਥਾਈ ਤੌਰ 'ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਣ ਦੇ ਇਰਾਦੇ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ | ਸਨੌਰ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਇਕ ਗੈਰ-ਸੰਵਿਧਾਨਕ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਦਾ ਇਹ ਕਦਮ ਨਾ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਭਾਰਤੀ ਸੰਘੀ ਢਾਂਚੇ ਦੀ ਮੂਲ ਭਾਵਨਾ ਨੂੰ ਵੀ ਕਮਜ਼ੋਰ ਕਰਦਾ ਹੈ |