ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਪੱਤਰ ਪ੍ਰੇਰਕ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਚੰਡੀਗੜ੍ਹ ਮਾਮਲੇ ਸੰਬੰਧੀ ਸਰਕਾਰ ਨੂੰ ਤਿੱਖਾ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਹੱਲਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਧਾਰਮਿਕ ਆਜ਼ਾਦੀ ਲਈ ਸ਼ਹੀਦ ਹੋਏ ਸਨ ਅਤੇ ਇਸ ਪਵਿੱਤਰ ਮੌਕੇ 'ਤੇ ਹੀ ਪੰਜਾਬ ਦੇ ਹੱਕਾਂ ਨੂੰ ਖ਼ਤਰੇ ਵਿਚ ਪਾਉਣਾ ਬਹੁਤ ਦੁਖਦਾਈ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾ ਵਿਚ ਨਹੀਂ ਬਣਿਆ ਸਗੋਂ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਇਲਾਕਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਮਸਲਾ ਸਿਰਫ਼ ਸਿੱਖਾਂ ਦਾ ਨਹੀਂ ਸਗੋਂ ਪੰਜਾਬ ਦੇ ਸਾਰੇ ਵਸਨੀਕਾਂ ਦਾ ਹੈ |