ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਸ੍ਰੀ ਰਾਜਿੰਦਰ ਗੁਪਤਾ ਨੇ ਅੱਜ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਪੰਜਾਬ ਵਿਚ ਵਧਦੀਆਂ ਸੁਰੱਖਿਆ ਚੁਣੌਤੀਆਂ ਅਤੇ ਸਸ਼ਸਤਰ ਬਲਾਂ ਦੀ ਭੂਮਿਕਾ 'ਤੇ ਵਿਸਥਾਰ ਨਾਲ ਵਿਚਾਰਵਟਾਂਦਰਾ ਹੋਇਆ | ਸ੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਭੂਗੋਲਿਕ ਸਥਿਤੀ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਸੰਵੇਦਨਸ਼ੀਲ ਬਣਾ ਦਿੰਦੀ ਹੈ | ਇਸ ਲਈ ਆਧੁਨਿਕ ਨਿਗਰਾਨੀ ਪ੍ਰਣਾਲੀਆਂ, ਮਜ਼ਬੂਤ ਸੀਮਾ ਪ੍ਰਬੰਧਨ ਅਤੇ ਸੁਰੱਖਿਆ ਏਜੰਸੀਆਂ ਵਿਚਕਾਰ ਵਧੀਆ ਤਾਲਮੇਲ ਦੀ ਲੋੜ ਹੈ | ਉਨ੍ਹਾਂ ਨੇ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵਿਚਕਾਰ ਸਮਰਥਨ ਅਤੇ ਸਹਿਯੋਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵੀ ਗੱਲ ਕੀਤੀ | ਇਸ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਸੰਵੇਦਨਸ਼ੀਲ ਰਾਜਾਂ ਵਿਚ ਸੀਮਾ ਸੁਰੱਖਿਆ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਜਾਰੀ ਰੱਖੇਗੀ |