ਸੈਸ਼ਨਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਦੇ ਰੰਗ 'ਚ ਰੰਗਣਾ-ਬੈਂਸ
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਤਿੰਨ-ਰੋਜ਼ਾ ਵਿੱਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ 'ਤੇ ਵਿੱਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿਚ 22 ਤੋਂ 24 ਦਸੰਬਰ ਤੱਕ ਸਵੇਰ ਦੀ ਸਭਾ ਵਿਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ | ਸ: ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੈਸ਼ਨਾਂ ਵਿਚ ਵਰਤੀ ਜਾਣ ਵਾਲੀ ਵਿੱਦਿਅਕ ਸਮੱਗਰੀ ਸ਼੍ਰੋਮਣੀ ਕਮੇਟੀ ਤੋਂ ਪ੍ਰਮਾਣਿਤ ਹੋਵੇ ਤਾਂ ਜੋ ਇਸ ਦੀ ਇਤਿਹਾਸਕ ਸ਼ੁੱਧਤਾ , ਮਰਿਆਦਾ ਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਜਾ ਸਕੇ |
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸਕੂਲਾਂ 'ਚ 3 ਦਿਨਾ ਵਿੱਦਿਅਕ ਪ੍ਰੋਗਰਾਮ <br/>
ਅਜੀਤ ਡੈਸਕ
07-12-2025