ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਡੇ ਪੱਧਰ 'ਤੇ ਰੱਦ ਕੀਤੇ ਗਏ-ਡਾ. ਚੀਮਾ
ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਹੋਈਆਂ ਹਿੰਸਕ ਘਟਨਾਵਾਂ ਸੰਬੰਧੀ ਜਿੱਥੇ ਸੂਬੇ ਦੀਆਂ ਵਿਰੋਧੀ ਧਿਰਾਂ ਵਲੋਂ ਸੂਬਾ ਚੋਣ ਕਮਿਸ਼ਨ ਨੂੰ ਲਿਖਤੀ ਤੌਰ 'ਤੇ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਜਾਣ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕਰਕੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ ਅੱਗੇ ਵਧਾਉਣ ਦੀ ਮੰਗ ਕੀਤੀ ਗਈ | ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਸਰਕਾਰ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਡੀ ਪੱਧਰ 'ਤੇ ਰੱਦ ਕੀਤੇ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾਇਆ ਜਾਵੇ | ਡਾ. ਦਲਜੀਤ ਸਿੰਘ ਚੀਮਾ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਿਰਪੱਖ ਆਬਜ਼ਰਵਰ ਲਗਾਏ ਜਾਣ ਦੀ ਵੀ ਮੰਗ ਕੀਤੀ ਅਤੇ ਨਾਲ ਹੀ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰਨ ਵਾਲੇ ਪੁਲਿਸ ਤੇ ਸਿਵਲ ਅਫ਼ਸਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਸਮੇਤ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ | ਇਸ ਮੌਕੇ 'ਤੇ ਵੀ ਲੀਗਲ ਸੈਲ ਦੇ ਮੁਖੀ ਤੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ |
ਅਕਾਲੀ ਦਲ ਵਲੋਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਾਮਜ਼ਦਗੀਆਂ ਦੀ ਆਖ਼ਰੀ ਮਿਤੀ ਵਧਾਉਣ ਦੀ ਮੰਗ <br/>
ਅਜੀਤ ਡੈਸਕ
07-12-2025