ਅਟਾਰੀ ਸਰਹੱਦ (ਅੰਮਿ੍ਤਸਰ), 7 ਦਸੰਬਰ (ਰਾਜਿੰਦਰ ਸਿੰਘ ਰੂਬੀ)-ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਨਾਲ ਹਰੇਕ ਤਰ੍ਹਾਂ ਦੇ ਸੰਬੰਧ ਖ਼ਤਮ ਕੀਤੇ ਜਾਣ ਦੇ ਨਾਲ-ਨਾਲ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ (ਪਾਕਿਸਤਾਨ) ਦੇ ਦਰਸ਼ਨ ਦੀਦਾਰਿਆਂ ਨੂੰ ਜਾਣ ਵਾਲਾ ਕਰਤਾਰਪੁਰ ਲਾਂਘਾ ਵੀ ਉਸ ਸਮੇਂ ਤੋਂ ਬੰਦ ਹੈ, ਜਦੋਂਕਿ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੀ ਕੇਂਦਰ ਵਲੋਂ ਇਹ ਲਾਂਘਾ ਨਾ ਖੋਲੇ੍ਹ ਜਾਣ ਕਾਰਨ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜ ਰਹੀ ਹੈ | ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਭਾਰਤੀ ਪੰਜਾਬ ਦੇ ਸਾਬਕਾ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਕੇ ਪੂਰੇ ਉਤਸ਼ਾਹ ਨਾਲ ਭਾਰਤ ਸਰਕਾਰ ਵਲੋਂ 2019 ਵਿਚ ਖੋਲਿ੍ਹਆ ਗਿਆ ਸੀ, ਜਿਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਥੇ ਸ਼ਮੂਲੀਅਤ ਕੀਤੀ ਸੀ | ਪਹਿਲਗਾਮ ਹਮਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਬੰਦ ਕੀਤੇ ਜਾਣ ਤੋਂ ਬਾਅਦ ਦੁਨੀਆਂ ਭਰ ਵਿਚ ਸਮੁੱਚੇ ਸਿੱਖ ਜਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ 'ਤੇ ਭਾਰਤ ਸਮੇਤ ਹੋਰ ਮੁਲਕਾਂ ਤੇ ਰਾਜਾਂ ਵਿਚ ਮਨਾਈ ਗਈ | ਸਮੁੱਚੀ ਸਿੱਖ ਸੰਗਤ ਨੂੰ ਸ਼ਹੀਦੀ ਸ਼ਤਾਬਦੀ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਵੱਡੀ ਉਮੀਦ ਸੀ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਕਰਤਾਰਪੁਰ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਭੇਜੇਗੀ ਪਰ ਸ਼ਤਾਬਦੀ ਸਮਾਗਮ ਖਤਮ ਹੋਣ ਤੋਂ ਬਾਅਦ ਵੀ ਅਜੇ ਤੱਕ ਭਾਰਤ ਸਰਕਾਰ ਵਲੋਂ ਲਾਂਘਾ ਨਾ ਖੋਲ ਕੇ ਸਿੱਖ ਸੰਗਤਾਂ ਦੇ ਮਨਾਂ ਵਿਚ ਨਿਰਾਸ਼ਾ ਦਾ ਆਲਮ ਪਾਇਆ ਜਾ ਰਿਹਾ ਹੈ | ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸ੍ਰੀ ਪਟਨਾ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਜੀ ਬੋਰਡ ਅਤੇ ਸ੍ਰੀ ਹਜ਼ੂਰ ਸਾਹਿਬ ਬੋਰਡ, ਜੰਮੂ ਕਸ਼ਮੀਰ ਤੇ ਭਾਰਤ ਦੇ ਹੋਰ ਰਾਜਾਂ ਦੇ ਸਿੱਖ ਆਗੂ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੰਬੰਧਿਤ ਵਿਭਾਗ ਨੂੰ ਲਿਖਤੀ ਰੂਪ ਵਿਚ ਵਾਰ-ਵਾਰ ਸ਼ਹੀਦੀ ਸ਼ਤਾਬਦੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਪੀਲਾਂ ਕੀਤੀਆਂ ਗਈਆਂ, ਮਗਰ ਜੋ ਸੁਣਵਾਈ ਤੋਂ ਅਸਮਰੱਥ ਰਹੀਆਂ ਹਨ | ਇਸ ਸੰਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਪਾਕਿਸਤਾਨ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਤੇ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਪਹਿਲਾਂ ਵਾਂਗ ਸਿੱਖ ਸੰਗਤਾਂ ਦੀ ਸੇਵਾ ਲਈ ਇਮੀਗਰੇਸ਼ਨ, ਕਸਟਮ ਤੇ ਸਮੁੱਚੇ ਸਟਾਫ ਦੀ ਹਾਜ਼ਰੀ ਵਿਚ ਖੋਲ੍ਹ ਰੱਖਿਆ ਹੈ ਤੇ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਰਤਾਰਪੁਰ ਲਾਂਘਾ ਖੋਲ ਕੇ ਸਿੱਖ ਸੰਗਤਾਂ ਨੂੰ ਦਰਸ਼ਨ ਦੀਦਾਰਿਆਂ ਲਈ ਭੇਜਿਆ ਜਾਵੇ | ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ ਵਲੋਂ ਵੀ ਦੱਸਿਆ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿੱਖ ਸੰਗਤ ਭਾਵੇਂ ਬਹੁਤ ਘੱਟ ਦਰਸ਼ਨ ਦੀਦਾਰਿਆਂ ਲਈ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਆਉਂਦੀ ਹੈ ਮਗਰ ਪਹਿਲਾਂ ਦੇ ਵਾਂਗ ਹੀ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ, ਰਾਗੀ ਸਿੰਘ, ਲੰਗਰ ਵਾਲੇ ਸੇਵਾਦਾਰ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਂਦੇ ਹੋਏ ਭਾਰਤ ਤੋਂ ਸਿੱਖ ਸੰਗਤਾਂ ਦੇ ਆਉਣ ਦੀ ਉਡੀਕ ਵਿਚ ਗੁਰੂ ਸਾਹਿਬ ਅੱਗੇ ਸਵੇਰੇ ਸ਼ਾਮ ਅਰਦਾਸ ਬੇਨਤੀ ਕਰ ਰਹੇ ਹਨ |