ਬੰਦੀ ਸਿੰਘ ਪ੍ਰੋ: ਭੁੱਲਰ ਦੀ ਰਿਹਾਈ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ
ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ 350 ਸਾਲਾ ਸ਼ਤਾਬਦੀ ਸਮਾਗਮਾਂ ਉਪਰੰਤ ਸ਼ੁਕਰਾਨਾ ਕਰਨ ਮੌਕੇ ਪੁੱਜੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ ਗਈ | ਸਕੱਤਰੇਤ ਅਕਾਲ ਤਖ਼ਤ ਵਿਖੇ ਹੋਈ ਇਸ ਮੁਲਾਕਾਤ, ਜਿਸ ਵਿਚ ਮੁੱਖ ਮੰਤਰੀ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਕੈਬਨਿਟ ਮੰਤਰੀ ਹਾਜ਼ਰ ਸਨ | ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਦਿੱਲੀ ਸਰਕਾਰ ਕੋਲ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਕਾਫੀ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਉਨ੍ਹਾਂ ਦੇ ਇਕ ਦਸਤਖ਼ਤ ਨਾਲ ਬੰਦੀ ਸਿੰਘ ਪ੍ਰੋ: ਭੁੱਲਰ ਰਿਹਾਅ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪ੍ਰੋ: ਭੁੱਲਰ ਦਾ ਮਾਮਲਾ ਲਮਕਾਇਆ ਗਿਆ ਅਤੇ ਮੌਜੂਦਾ ਭਾਜਪਾ ਸਰਕਾਰ ਦੇ ਕੋਲ ਉਨ੍ਹਾਂ ਨੂੰ ਰਿਹਾਅ ਕਰਨ ਦਾ ਇਕ ਚੰਗਾ ਮੌਕਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦਿੱਲੀ ਦੀ ਮੁੱਖ ਮੰਤਰੀ ਵਲੋਂ ਗੌਰ ਨਾਲ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਹ ਇਸ ਨੂੰ ਹੱਲ ਕਰਨ ਲਈ ਯਤਨ ਕਰਨਗੇ | ਇਸ ਮੌਕੇ ਹੋਰ ਸਿੰਘ ਸਾਹਿਬਾਨ ਅਤੇ ਦਿੱਲੀ ਸਰਕਾਰ ਦੀ ਕੈਬਨਿਟ ਦੇ ਕੁਝ ਮੰਤਰੀ ਵੀ ਹਾਜ਼ਰ ਸਨ | ਇਸੇ ਦੌਰਾਨ ਜਥੇਦਾਰ ਗਿਆਨੀ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਅਕਾਲ ਤਖ਼ਤ ਸਾਹਿਬ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਸਿੱਖ ਸੰਸਦ ਮੈਂਬਰਾਂ ਨੂੰ ਇਕ ਵਿਸ਼ੇਸ਼ ਪੱਤਰ ਲਿਖ ਕੇ ਭਾਰਤ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਵਜੋਂ ਅਧਿਕਾਰਤ ਤੌਰ 'ਤੇ ਬਦਲਵਾਉਣ ਲਈ ਆਖਿਆ ਹੈ |
ਜਥੇਦਾਰ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨਾਲ ਕੀਤੀ ਮੁਲਾਕਾਤ <br/>
ਅਜੀਤ ਡੈਸਕ
09-12-2025