ਅਕਾਲੀ ਦਲ ਦਾ ਚੰਗਾ ਪ੍ਰਦਰਸ਼ਨ ਕਰਨਾ ਕਾਂਗਰਸ ਲਈ ਚੰਗਾ-ਰਾਜਾ ਵੜਿੰਗ
ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਬਹੁਤੀਆਂ ਸੀਟਾਂ 'ਤੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਜਿੱਥੇ ਇਨ੍ਹਾਂ ਚੋਣਾਂ 'ਚ ਹੁੰਝਾ ਫੇਰ ਜਿੱਤ ਦਾ ਦਾਅਵਾ ਕੀਤਾ ਹੈ ਉੱਥੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵੀ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਜਦਕਿ ਭਾਜਪਾ ਦੀ ਹਾਲਤ ਇਨ੍ਹਾਂ ਚੋਣਾਂ 'ਚ ਬੇਹੱਦ ਪਤਲੀ ਨਜ਼ਰ ਆਈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਿਲਕੁਲ ਵੀ ਹੈਰਾਨ ਨਹੀਂ ਹਨ, ਲੇਕਿਨ ਸੂਬੇ ਭਰ ਵਿਚ ਪਾਰਟੀ ਉਮੀਦਵਾਰਾਂ ਦੇ ਪ੍ਰਦਰਸ਼ਨ ਤੋਂ ਜ਼ਰੂਰ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਕ ਆਗਿਆਕਾਰੀ ਪ੍ਰਸ਼ਾਸਨ ਅਤੇ ਪੁਲਿਸ ਦੇ ਟਰੈਕ ਰਿਕਾਰਡ ਨੂੰ ਦੇਖਦਿਆਂ ਹੋਇਆਂ, ਉਹ ਨਤੀਜਿਆਂ ਅਤੇ ਰੁਝਾਨਾਂ ਤੋਂ ਬਿਲਕੁਲ ਵੀ ਹੈਰਾਨ ਨਹੀਂ ਹਨ, ਲੇਕਿਨ ਉਹ ਸਾਰੀਆਂ ਮੁਸ਼ਕਲਾਂ ਦੇ ਵਿਰੁੱਧ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਦਰਸ਼ਨ ਤੋਂ ਜ਼ਰੂਰ ਸੰਤੁਸ਼ਟ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਸਮੇਂ ਬਿਲਕੁਲ ਖਤਮ ਹੋ ਗਿਆ ਸੀ ਪਰ ਜੇ ਕਰ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਉਹ ਕਾਂਗਰਸ ਪਾਰਟੀ ਲਈ ਵੀ ਬਿਹਤਰੀਨ ਹੈ।
ਧੱਕੇਸ਼ਾਹੀ ਦੇ ਬਾਵਜੂਦ ਕਾਂਗਰਸ ਨੇ ਕੀਤਾ ਚੰਗਾ ਪ੍ਰਦਰਸ਼ਨ-ਦੂਲੋਂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਸੂਚਨਾਵਾਂ ਆ ਰਹੀਆਂ ਸਨ ਕਿ ਸਰਕਾਰ ਵਲੋਂ ਧੱਕੇਸ਼ਾਹੀ ਕਰਦਿਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਤੱਕ ਭਰਨ ਨਹੀਂ ਦਿੱਤੇ ਗਏ, ਉਸ ਦੇ ਬਾਵਜੂਦ ਕਾਂਗਰਸ ਦੇ ਵਰਕਰਾਂ ਦੀ ਮੁਸਤੈਦੀ ਅਤੇ ਮਿਹਨਤ ਦੇ ਚਲਦਿਆਂ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ |
ਚੋਣ ਨਤੀਜਿਆਂ ਨੇ ਕਾਂਗਰਸ ਦੀ ਵਾਪਸੀ ਦਾ ਰਾਹ ਪੱਧਰਾ ਕੀਤਾ-ਬਰਿੰਦਰ ਸਿੰਘ ਢਿੱਲੋਂ
ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸਰਕਾਰ ਨੇ ਹੱਦ ਤੋਂ ਵੱਧ ਧੱਕੇਸ਼ਾਹੀ ਕੀਤੀ ਪਰ ਉਸ ਦੇ ਬਾਵਜੂਦ ਕਾਂਗਰਸ ਪਾਰਟੀ ਦਾ ਚੰਗਾ ਪ੍ਰਦਰਸ਼ਨ ਇਸ ਗੱਲ ਦਾ ਵੱਡਾ ਸੰਕੇਤ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ 'ਚ ਬੇਹੱਦ ਧੱਕੇਸ਼ਾਹੀ ਕੀਤੀ ਤੇ ਜਾਣ ਬੁੱਝ ਕੇ ਚੋਣ ਨਤੀਜਿਆਂ ਨੂੰ ਦੇਰ ਰਾਤ ਤੱਕ ਲਟਕਾਇਆ ਤਾਂ ਕਿ ਧੱਕਾ ਕੀਤਾ ਜਾ ਸਕੇ ਤੇ ਆਪਣੇ ਉਮੀਦਵਾਰਾਂ ਨੂੰ ਜਤਾਇਆ ਜਾ ਸਕੇ |
'ਪੰਜਾਬ ਕਾਂਗਰਸ ਦੀ ਮਜ਼ਬੂਤ ਵਾਪਸੀ' <br/>
ਅਜੀਤ ਡੈਸਕ
18-12-2025