ਜਗਦੇਵ ਕਲਾਂ (ਅੰਮਿ੍ਤਸਰ), 17 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ, ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਜਗਦੇਵ ਕਲਾਂ ਜੋ ਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦਾ ਹੈ ਉਥੋਂ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ 250 ਦੇ ਕਰੀਬ ਵੋਟਾਂ ਨਾਲ ਹਾਰ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਚਮਿਆਰੀ ਹਲਕਾ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ, ਮੱਲੂਨੰਗਲ ਅਤੇ ਲਦੇਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਪਿੰਡ ਜੋ ਕਿ ਹਲਕਾ ਰਾਜਾਸਾਂਸੀ ਤਹਿਤ ਪੈਂਦਾ ਹੈ ਅਤੇ ਉਹ ਅਜਨਾਲਾ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਨੇ ਅਜਨਾਲਾ ਵਿਚ ਸਿਰਤੋੜ ਮਿਹਨਤ ਕੀਤੀ ਹੈ ਤੇ ਉੱਥੇ ਉਨ੍ਹਾਂ ਦੇ ਕੰਮ ਬੋਲਦੇ ਹਨ ਤੇ ਅਜਨਾਲਾ ਵਿਚ ਆਮ ਆਦਮੀ ਪਾਰਟੀ ਨੇ ਹੂੰਝ ਫੇਰ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੇ ਪਿੰਡ ਜਗਦੇਵ ਕਲਾਂ 'ਚ ਕਦੇ ਕੋਈ ਦਖਲਅੰਦਾਜ਼ੀ ਨਹੀਂ ਕੀਤੀ |