ਅੰਮਿ੍ਤਸਰ, 18 ਦਸੰਬਰ (ਜਸਵੰਤ ਸਿੰਘ ਜੱਸ)-ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਸ ਵਾਰ ਇਕੋ ਦਿਨ, ਭਾਵ 27 ਦਸੰਬਰ ਨੂੰ ਆਉਣ ਕਾਰਨ ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਇਸ ਵਾਰ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰਾਤ ਨੂੰ ਆਤਿਸ਼ਬਾਜ਼ੀ ਨਹੀਂ ਚਲਾਈ ਜਾਵੇਗੀ | ਪ੍ਰਾਪਤ ਵੇਰਵਿਆਂ ਅਨੁਸਾਰ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਪ੍ਰੋਗਰਾਮਾਂ ਤਹਿਤ 26 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ | 27 ਦਸੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਵੇਰੇ 8.30 ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ | ਇਸੇ ਦਿਨ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 10 ਤੋਂ 2 ਵਜੇ ਅਤੇ ਸ਼ਾਮ 7 ਤੋਂ ਰਾਤ ਵਜੇ ਦੌਰਾਨ ਧਾਰਮਿਕ ਦੀਵਾਨ ਸਜਣਗੇ ਪਰ ਰਵਾਇਤ ਅਨੁਸਾਰ ਇਸ ਵਾਰ ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਨਹੀਂ ਚਲਾਈ ਜਾਵੇਗੀ | ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਸਮੂਹ ਵਿਖੇ ਦੀਪਮਾਲਾ ਵੀ ਹਲਕੇ ਪੱਧਰ ਦੀ ਹੀ ਕੀਤੇ ਜਾਣ ਦੀ ਸੰਭਾਵਨਾ ਹੈ |