ਅਗਲੇ ਦਿਨਾਂ 'ਚ ਪੰਜਾਬ ਦੇ ਕੁਝ ਹਿੱਸਿਆਂ 'ਚ ਪੈ ਸਕਦਾ ਮੀਂਹ
ਅੰਮਿ੍ਤਸਰ, 18 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਵਿਚ ਬੀਤੇ ਕੁਝ ਦਿਨਾਂ ਤੋਂ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਇਨ੍ਹਾਂ ਦੋਵੇਂ ਸੂਬਿਆਂ ਦੇ ਕਈ ਹਿੱਸਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ | ਜਿਸ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਔਰੰਜ਼ ਅਲਰਟ ਜਾਰੀ ਕੀਤਾ ਗਿਆ ਹੈ | ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ 20 ਦਸੰਬਰ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ | ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਹਿੱਸਿਆਂ 'ਚ ਲੰਘੇ ਦਿਨ ਸੰਘਣੀ ਅਤੇ ਦਰਮਿਆਨੀ ਧੁੰਦ ਪਈ | ਜਿਸ ਦਾ ਅਸਰ ਜਨਜੀਵਨ 'ਤੇ ਦੇਖਣ ਨੂੰ ਮਿਲਿਆ | ਆਉਣ ਵਾਲੇ 24 ਘੰਟਿਆਂ ਵਿਚ ਇਨ੍ਹਾਂ ਦੋਵੇਂ ਸੂਬਿਆਂ ਵਿਚ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਜਿਸ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਔਰੰਜ਼ ਅਲਰਟ ਜਾਰੀ ਕਰ ਦਿੱਤਾ ਹੈ | ਭਾਵੇਂ ਕਿ ਇਨ੍ਹਾਂ ਦੋਵੇਂ ਸੂਬਿਆਂ 'ਚ ਬਹੁਤ ਸਾਰੇ ਹਿੱਸਿਆਂ 'ਚ ਸੰਘਣੀ ਧੁੰਦ ਪਈ ਹੈ ਪਰ ਇਸ ਦੇ ਬਾਵਜੂਦ ਤਾਪਮਾਨ ਵਿਚ ਕੋਈ ਵੱਡੀ ਤਬਦੀਲੀ ਨਹੀਂ ਆਈ | ਪੰਜਾਬ ਦੇ ਨਵਾਂ ਸ਼ਹਿਰ 'ਚ ਰਾਤ ਦਾ ਘੱਟ ਤੋਂ ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਰਿਹਾ ਜੋ ਸੂਬੇ 'ਚ ਸਭ ਤੋਂ ਘੱਟ ਸੀ | ਹਰਿਆਣਾ ਦੇ ਹਿਸਾਰ ਅਤੇ ਮੋਹਿੰਦਰਗੜ੍ਹ 'ਚ ਘੱਟ ਤੋਂ ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਤੱਕ ਰਿਹਾ | ਅਗਲੇ ਦਿਨਾਂ 20 ਦਸੰਬਰ ਤੋਂ 22 ਦਸੰਬਰ ਤੱਕ ਪੰਜਾਬ ਦੇ ਕੁਝ ਹਿੱਸਿਆ 'ਚ ਮੀਂਹ ਪੈਣ ਦੀ ਸੰਭਾਵਨਾ ਹੈ |
ਪੰਜਾਬ ਹਰਿਆਣਾ 'ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵਲੋਂ 'ਔਰੰਜ਼' ਅਲਰਟ ਜਾਰੀ <br/>
ਅਜੀਤ ਡੈਸਕ
19-12-2025