ਚੰਡੀਗੜ੍ਹ, 18 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿਚ ਕਾਫ਼ੀ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪੇਂਡੂ ਇਲਾਕਿਆਂ ਵਿਚ ਹਰ ਘਰ ਨੂੰ ਟੂਟੀ ਰਾਹੀਂ ਸਾਫ਼ ਪਾਣੀ ਦੀ ਸਪਲਾਈ ਦੇਣ ਦੇ ਟੀਚੇ ਨੂੰ ਹਾਸਲ ਕਰ ਚੁੱਕਾ ਹੈ, ਜਿਸ ਨਾਲ ਪੰਜਾਬ ਸੂਬਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਰਾਜ ਬਣ ਕੇ ਉਭਰਿਆ ਹੈ |
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ 'ਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ-ਮੁੰਡੀਆਂ <br/>
ਅਜੀਤ ਡੈਸਕ
19-12-2025