ਚੰਡੀਗੜ੍ਹ, 19 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ 'ਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਡਾ. ਬਲਜੀਤ ਕੌਰ ਨੇ ਅੰਤ ਵਿਚ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਔਰਤਾਂ ਦੇ ਸਸ਼ਕਤੀਕਰਨ ਅਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਕ ਖ਼ੁਸ਼ਹਾਲ, ਸੁਰੱਖਿਅਤ ਪੰਜਾਬ ਸਿਰਜਿਆ ਜਾ ਰਿਹਾ ਹੈ |