ਚੰਡੀਗੜ੍ਹ, 19 ਦਸੰਬਰ (ਅਜੀਤ ਬਿਊਰੋ)-ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000 ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ | ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ | ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ ਨਵਾਂ ਕਦਮ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਭਰ ਵਿਚ ਮਿਲਕਫੈਡ ਪੰਜਾਬ ਦੇ ਸਹਿਕਾਰੀ ਨੈਟਵਰਕ ਨੂੰ ਮਜ਼ਬੂਤ ਕਰਨ ਵਿਚ ਮਦਦ ਕਰੇਗਾ |