ਚੰਡੀਗੜ੍ਹ, 20 ਦਸੰਬਰ (ਅਜੀਤ ਬਿਊਰੋ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ 'ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵਲੋਂ ਇਹ ਕੰਮ ਅਮਲ ਵਿਚ ਲਿਆਂਦੇ ਜਾ ਰਹੇ ਹਨ, ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਪਹੁੰਚੇ ਸਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਵਿਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਵੀ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 2,920 ਕਰੋੜ ਰੁਪਏ ਦੀ ਲਾਗਤ ਨਾਲ 7,767 ਕਿਲੋਮੀਟਰ ਲਿੰਕ ਸੜਕਾਂ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਪਲਾਨ ਰੋਡਜ਼ (ਸੜਕਾਂ) ਲਈ 2,363 ਕਰੋੜ ਰੁਪਏ ਦੀ ਲਾਗਤ ਨਾਲ 2,834 ਕਿਲੋਮੀਟਰ ਸੜਕ ਦੇ ਨਵੀਨੀਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ | ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਕੰਮਾਂ 'ਤੇ ਸਖ਼ਤ ਨਜ਼ਰ ਰੱਖਣ | ਇਸ ਸਮੀਖਿਆ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਅਰਸ਼ਦੀਪ ਸਿੰਘ ਅਤੇ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ |
ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ-ਈ.ਟੀ.ਓ.
ਅਜੀਤ ਡੈਸਕ
21-12-2025