ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 359ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧ ਵਿਚ ਅੱਜ ਪ੍ਰਬੰਧਕਾਂ ਵਲੋਂ ਦੇਸ਼-ਵਿਦੇਸ਼ ਤੋਂ ਪਟਨਾ ਸਾਹਿਬ ਆਉਣ ਵਾਲੀ ਸੰਗਤ ਦੀਆਂ ਸੁਵਿਧਾਵਾਂ ਅਤੇ ਰਿਹਾਇਸ਼ ਅਸਥਾਨ ਮਾਲਸਲਾਮੀ ਸਥਿਤ ਓ. ਪੀ. ਸ਼ਾਹ ਭਵਨ ਅਤੇ ਪਟਨਾ ਸਾਹਿਬ ਭਵਨ ਦਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ -ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸੁਮਿਤ ਸਿੰਘ ਕਲਸੀ ਵਲੋਂ ਦੌਰਾ ਕੀਤਾ ਗਿਆ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਪ੍ਰਧਾਨ ਸੋਹੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ਦੀ ਉਮੀਦ ਹੈ, ਜਿਸ ਲਈ ਕਮੇਟੀ ਵਲੋਂ ਪੂਰੀ ਤਿਆਰੀ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਵੀ ਕਈ ਰਿਹਾਇਸ਼ੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿੱਥੇ ਸੰਗਤ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਆਰਜੀ ਠਹਿਰਾਉ ਦੀ ਵਿਵਸਥਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਹੋਰ ਕਈ ਸੰਸਥਾਵਾਂ ਵਲੋਂ ਗੁਰੂ ਕੇ ਲੰਗਰ ਦੀ ਵਿਵਸਥਾ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਹਿਤ ਰਿਹਾਇਸ਼ ਲਈ ਇਕ ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ |
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ <br/>
ਅਜੀਤ ਡੈਸਕ
21-12-2025