ਰਾਜਧਾਨੀ ਦਿੱਲੀ 'ਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ
ਨਵੀਂ ਦਿੱਲੀ, 20 ਦਸੰਬਰ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਵਿਖੇ ਇੱਕ ਮੰਗ ਪੱਤਰ ਸੌਂਪ ਕੇ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਗਿਆ ਹੈ ¢ ਰਾਹਤ ਕਮੇਟੀ ਦੇ ਪ੍ਰਧਾਨ ਜਥੇ. ਕੁਲਦੀਪ ਸਿੰਘ ਭੋਗਲ ਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਨਾ ਵੱਲੋਂ ਜਾਰੀ ਇਸ ਮੰਗ ਪੱਤਰ ਵਿਚ ਭਾਜਪਾ ਦੀ ਸਰਕਾਰ ਦੇ ਕਾਰਜਕਾਲ ਵਿਚ ਸਿੱਖਾਂ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਨ ਦੇ ਨਾਲ ਹੀ ਚੇਤਾ ਕਰਵਾਇਆ ਗਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਕਿਹਾ ਸੀ ਜਦੋਂ ਭਾਜਪਾ ਦੀ ਪੂਰਨ ਬਹੁਮਤ ਦੀ ਸਰਕਾਰ ਆਏਗੀ ਤਾਂ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਸਿੱਖਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਸਮੇਂ ਹੀ 1984 ਦੇ ਮੁੱਖ ਦੋਸ਼ੀ ਸੱਜਣ ਕੁਮਾਰ ਤੇ ਹੋਰ ਕਈ ਦੋਸ਼ੀਆਂ ਨੂੰ ਜੇਲ੍ਹ ਵਿਚ ਭੇਜਿਆ ਗਿਆ ਅਤੇ ਮਾਮਲਿਆਂ ਦੀ ਜਾਂਚ ਲਈ ਐੱਸ.ਆਈ.ਟੀ. ਵੀ ਬਣਾਈ ਗਈ ¢ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਮੰਗ ਹੈ ਕਿ ਰਾਜਧਾਨੀ ਦਿੱਲੀ ਵਿਚ ਕਿਸੇ ਢੁਕਵੀਂ ਥਾਂ 'ਤੇ ਸਿੱਖ ਕਤਲੇਆਮ ਦੀ ਯਾਦਗਾਰ ਬਣਾਈ ਜਾਵੇ ¢ ਭੋਗਲ ਤੇ ਖੁਰਾਨਾ ਨੇ ਕਿਹਾ ਕਿ ਹੁਣ ਕੇਂਦਰ ਅਤੇ ਦਿੱਲੀ ਵਿਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਸਾਡੇ ਵੱਲੋਂ ਦਿੱਲੀ ਦੀ ਮੁੱਖ ਮੰਤਰੀ, ਵਿਧਾਨ ਸਭਾ ਸਪੀਕਰ, ਉਪ-ਰਾਜਪਾਲ ਤੇ ਕੈਬਨਿਟ ਮੰਤਰੀਆਂ ਨੂੰ ਇਸ ਸੰਬੰਧੀ ਚਿੱਠੀ ਭੇਜੀ ਜਾ ਚੁੱਕੀ ਹੈ, ਇਨ੍ਹਾਂ ਵਿਚੋਂ ਕੁੱਝ ਦਾ ਹੀ ਜਵਾਬ ਆਇਆ ਹੈ ¢ ਇਸ ਤੋਂ ਇਲਾਵਾ ਮੁੱਖ ਮੰਤਰੀ ਰੇਖਾ ਗੁਪਤਾ ਕੋਲ ਇਸ ਵਿਸ਼ੇ 'ਤੇ ਗੱਲ ਕਰਨ ਲਈ ਤਿੰਨ ਵਾਰੀ ਸਮਾਂ ਮੰਗਿਆ ਜਾ ਚੁੱਕਾ ਹੈ ਪਰ ਸਾਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ¢ ਭੋਗਲ ਤੇ ਖੁਰਾਨਾ ਨੇ ਕਿਹਾ ਕਿ ਦਿੱਲੀ ਵਿਚ ਸੁਣਵਾਈ ਨਾ ਹੋਣ ਤੋਂ ਬਾਅਦ ਸਾਡੀ ਸੰਸਥਾ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਮਜਬੂਰ ਹੋਈ ਹੈ ¢
ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਨੇ ਕੇਂਦਰੀ ਗ੍ਰਹਿ ਮੰਤਰੀ ਦੇ ਦਫ਼ਤਰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
21-12-2025