ਚੰਡੀਗੜ੍ਹ, 21 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ 'ਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈੱਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦੀ ਉਸਾਰੀ 'ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ 'ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹਾ 2025-26 ਵਿਭਾਗ ਲਈ ਵਿਕਾਸ ਦਾ ਵਰ੍ਹਾ ਰਿਹਾ ਹੈ | ਨਾਬਾਰਡ ਅਧੀਨ 2025-26 ਦੌਰਾਨ 125 ਕਿਲੋਮੀਟਰ ਸੜਕਾਂ ਤੇ 10 ਪੁਲਾਂ ਦੀ ਉਸਾਰੀ 'ਤੇ 192 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ | ਇਸ ਯੋਜਨਾ ਤਹਿਤ 52 ਕਿਲੋਮੀਟਰ ਸੜਕਾਂ ਅਤੇ 8 ਪੁਲਾਂ ਦੇ ਕੰਮ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ |