ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 68.98 ਕਰੋੜ ਰੁਪਏ ਦੇ ਫ਼ੰਡ ਤੁਰੰਤ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਮੈਡੀਕਲ ਕਾਲਜਾਂ 'ਚ ਲੋਕਾਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਜਾਂਚ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੇ ਨਵੀਨੀਕਰਨ ਲਈ 68.98 ਕਰੋੜ ਰੁਪਏ ਦੇ ਫ਼ੰਡ ਤੁਰੰਤ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਹਨ | ਅੱਜ ਇੱਥੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਸਹੂਲਤਾਂ ਦਾ ਵਿਸਥਾਰ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਇਲਾਜ ਅਤੇ ਡਾਕਟਰੀ ਜਾਂਚ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਅਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਇਹ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕਣ | ਮੈਡੀਕਲ ਸਿੱਖਿਆ ਵਿਭਾਗ ਨੂੰ ਇਨ੍ਹਾਂ ਮੈਡੀਕਲ ਕਾਲਜਾਂ 'ਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਤੁਰੰਤ 68.98 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ | ਇਨ੍ਹਾਂ ਨੇ ਮੰਗ ਕੀਤੀ ਕਿ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਲਈ 26.53 ਕਰੋੜ ਰੁਪਏ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਲਈ 28.51 ਕਰੋੜ ਰੁਪਏ, ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਲਈ 9.43 ਕਰੋੜ ਰੁਪਏ ਅਤੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਫਿਰੋਜ਼ਪੁਰ ਲਈ 4.51 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ | ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਰੀ ਅਤੇ ਹੋਰ ਉਪਕਰਨਾਂ ਦੀ ਖਰੀਦ ਦੇ ਨਾਲ-ਨਾਲ ਮੈਡੀਕਲ ਕਾਲਜਾਂ 'ਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਅਧਿਕਾਰੀ ਮੌਜੂਦ ਸਨ |
ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ-ਮੁੱਖ ਮੰਤਰੀ <br/>
ਅਜੀਤ ਡੈਸਕ
24-12-2025