ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਕੀਤੇ ਗਏ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਪੁਲਿਸ ਦੇ ਪੱਧਰ ਤੇ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਸ਼ੁਕਲਾ ਨੇ ਕਿਹਾ ਕਿ ਵੱਡੀ ਤਾਦਾਦ ਵਿਚ ਆਉਣ ਵਾਲੀਆਂ ਸੰਗਤਾਂ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਨੇੜਲੇ ਜ਼ਿਲਿ੍ਹਆਂ ਤੋਂ ਵੀ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸੇਵਾਵਾਂ ਪ੍ਰਦਾਨ ਕਰਨਗੇ ਤੇ ਇਹ ਯਕੀਨੀ ਬਣਾਉਣਗੇ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਖੜ੍ਹਾਉਣ ਲਈ 22 ਪਾਰਕਿੰਗ ਸਥਾਨਾਂ ਨੂੰ ਨਿਰਧਾਰਿਤ ਕੀਤਾ ਗਿਆ ਹੈ ਅਤੇ ਮੁਫ਼ਤ ਬੱਸ ਤੇ ਈ-ਰਿਕਸ਼ਾ ਸੁਵਿਧਾ ਵੀ ਸੰਗਤਾਂ ਨੂੰ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਪ੍ਰਸ਼ਾਸਨ ਤੇ ਪੁਲਿਸ ਵਲੋਂ ਇੰਟੇਗਰੇਟਿਡ ਕੰਟਰੋਲ ਰੂਮ 24 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ | ਇਸ ਦੌਰਾਨ ਵਿਸ਼ੇਸ਼ ਡੀ.ਜੀ.ਪੀ. ਸ਼ੁਕਲਾ ਨੇ ਡੀ.ਆਈ.ਜੀ ਨਾਨਕ ਸਿੰਘ ਤੇ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿਚ ਸਮੂਹ ਐਸ.ਪੀਜ਼, ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਵਿਸਤਿ੍ਤ ਸਮੀਖਿਆ ਮੀਟਿੰਗ ਕੀਤੀ ਅਤੇ ਇਸ ਸਬੰਧੀ ਪੁਲਿਸ ਵਲੋਂ ਸੁਰੱਖਿਆ, ਆਵਾਜਾਈ ਤੇ ਪਾਰਕਿੰਗ ਸਬੰਧੀ ਯੋਜਨਾ ਬਾਰੇ ਜਾਇਜ਼ਾ ਲਿਆ |
ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ <br/>
ਅਜੀਤ ਡੈਸਕ
24-12-2025