ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਮੁੱਖ ਮੰਤਰੀ ਵਲੋਂ ਇਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ 'ਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ | ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ 2023 ਮੁਤਾਬਿਕ ਸੂਬੇ ਭਰ ਦੇ ਪਿੰਡਾਂ 'ਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ 'ਤੇ 1350 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਨ੍ਹਾਂ 'ਚ ਵਾੜ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸ਼ਾਮਲ ਹਨ | ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਉਣ ਲਈ ਸੂਬੇ ਭਰ 'ਚ ਲਗਭਗ 3000 ਥਾਵਾਂ 'ਤੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਅਧੀਨ ਸੂਬੇ ਭਰ 'ਚ 1000 ਥਾਵਾਂ 'ਤੇ 35 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ | ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17000 ਖੇਡ ਕਿੱਟਾਂ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ 'ਚ ਵਾਲੀਬਾਲ ਅਤੇ ਫੁੱਟਬਾਲ (ਹਰੇਕ ਲਈ ਤਿੰਨ ਵਾਲੀਬਾਲ ਅਤੇ ਫੁੱਟਬਾਲ ਅਤੇ ਦੋ ਨੈੱਟ), ਕਿ੍ਕਟ ਲਈ ਦੋ ਬੱਲੇ, ਵਿਕਟ, ਛੇ ਟੈਨਿਸ ਗੇਂਦਾਂ ਸ਼ਾਮਲ ਹੋਣਗੀਆਂ | ਭਗਵੰਤ ਮਾਨ ਨੇ ਅਧਿਕਾਰੀਆਂ ਨੂੰ 31 ਮਾਰਚ, 2026 ਤੱਕ ਪਿੰਡਾਂ 'ਚ 5600 ਖੇਡ ਕਿੱਟਾਂ ਵੰਡਣ ਦੇ ਨਿਰਦੇਸ਼ ਦਿੱਤੇ |