ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ <br/>
ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਦਿ੍ਸ਼ | ਤਸਵੀਰ: ਹਰਜੀਤ ਸਿੰਘ
<br/>
27-12-2025
ਪਟਨਾ ਸਾਹਿਬ, 26 ਦਸੰਬਰ-ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਟਨਾ ਸਾਹਿਬ ਦੀ ਪਾਵਨ ਧਰਤੀ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗਊਘਾਟ ਤੋਂ ਖਾਲਸਾਈ ਪ੍ਰੰਪਰਾਂਵਾਂ ਅਤੇ ਪੂਰੇ ਜਾਹੋ ਜਲਾਲ ਨਾਲ ਆਰੰਭ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਸਮਾਪਤ ਹੋਇਆ | ਇਸ ਦੌਰਾਨ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵਲੋਂ ਜਿਥੇ ਆਰੰਭਤਾ ਅਤੇ ਸਮਾਪਤੀ ਦੀ ਅਰਦਾਸ ਕੀਤੀ ਗਈ ਉਥੇ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਆਈ ਸੰਗਤ ਨੇ ਸਤਿਕਾਰ ਸਹਿਤ ਹਾਜ਼ਰੀ ਭਰੀ | ਇਸ ਮੌਕੇ ਪ੍ਰਧਾਨ ਜਗਜੋਤ ਸਿੰਘ ਸੋਹੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਭਾਈ ਰਾਮ ਸਿੰਘ ਭਿੰਡਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਵਤਾਰ ਸਿੰਘ ਕੋਮਲ, ਅਧਿਆਪਕ ਆਗੂ ਗੁਰਦੀਪ ਸਿੰਘ ਬਾਜਵਾ, ਤਲਵਿੰਦਰ ਸਿੰਘ ਬੁੱਟਰ, ਨਵਦੀਪ ਸਿੰਘ ਵੇਰਕਾ, ਪ੍ਰੋ: ਸਰਦਾਰਾ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਮਲਕੀਅਤ ਸਿੰਘ ਆਦਿ ਹਾਜ਼ਰ ਸਨ¢
ਗੁਰਦੁਆਰਾ ਗਊਘਾਟ ਵਿਖੇ ਗੁਰਮਤਿ ਸਮਾਗਮ
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਗਊਘਾਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਹਰਜੀਤ ਸਿੰਘ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਕਮਲਜੀਤ ਸਿੰਘ ਦੇ ਜਥਿਆਂ ਨੇ ਜਿੱਥੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਉੱਥੇ ਹੀ ਗਿਆਨੀ ਦਿਲਜੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਅੱਜ ਤੜਕਸਾਰ 2 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਨ੍ਹਾਂ ਦੀ ਸੰਪੂਰਨਤਾ 28 ਦਸੰਬਰ ਨੂੰ ਮਰਿਆਦਾ ਅਨੁਸਾਰ ਅੰਮਿ੍ਤ ਵੇਲੇ ਪਹਿਲੇ ਪਹਿਰ ਤੜਕੇ 1.30 ਵਜੇ ਹੋਵੇਗੀ¢
ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਇਆ ਜਾਵੇਗਾ, ਜਿਸ ਵਿਚ ਖ਼ਾਸ ਤੌਰ 'ਤੇ ਮੁੱਖ ਮੰਤਰੀ ਨਿਤਿਸ਼ ਕੁਮਾਰ, ਰਾਜਪਾਲ ਆਲਮ ਖ਼ਾਨ ਮੁਹੰਮਦ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ 'ਚ ਸੰਗਤ ਸ਼ਿਰਕਤ ਕਰੇਗੀ |
ਪੰਜ ਸਰੋਵਰਾਂ ਦੇ ਜਲ ਦੀ ਗਾਗਰ ਲੈ ਕੇ ਬਾਬਾ ਬੁੱਢਾ ਸਾਹਿਬ ਦੇ ਵੰਸ਼ਜ਼ ਪਹੁੰਚੇ ਪਟਨਾ ਸਾਹਿਬ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਇਸ਼ਨਾਨ ਕਰਵਾਉਣ ਲਈ ਅੰਮਿ੍ਤਸਰ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਲੈ ਕੇ ਬਾਬਾ ਬੁੱਢਾ ਸਾਹਿਬ ਜੀ ਦੇ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ (ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ) ਜਥੇ ਸਮੇਤ ਤਖ਼ਤ ਸਾਹਿਬ ਪਹੁੰਚੇ | ਇਸ ਮੌਕੇ ਪ੍ਰੋ: ਰੰਧਾਵਾ ਦੇ ਨਾਲ ਜਥੇ 'ਚ ਭਾਈ ਗੁਰਦੇਵ ਸਿੰਘ, ਭਾਈ ਸੰਤਾ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਬਲਦੇਵ ਸਿੰਘ ਸ਼ਾਮਿਲ ਹਨ |