ਲੁਧਿਆਣਾ, 27 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਸਥਿਤ ਐਕਸਿਸ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਲੁਟੇਰੇ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਤੜਕੇ ਢਾਈ ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਚਾਰ ਦੇ ਕਰੀਬ ਲੁਟੇਰੇ ਕਾਰ ਵਿਚ ਆਏ ਅਤੇ ਉਨ੍ਹਾਂ ਨੇ ਕੁਝ ਹੀ ਮਿੰਟਾਂ ਵਿਚ ਏ.ਟੀ.ਐਮ. ਤੋੜ ਦਿੱਤਾ ਅਤੇ ਉਸ ਵਿਚ ਪਈ ਨਗਦੀ ਲੁੱਟ ਲਈ | ਇਸ ਸੰਬੰਧੀ ਸਵੇਰੇ ਜਦੋਂ ਬੈਂਕ ਪ੍ਰਬੰਧਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਸੂਚਨਾ ਮਿਲਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਅਤੇ ਥਾਣਾ ਬਸਤੀ ਜੋਧੇਵਾਲ ਦੇ ਐਸ.ਐਚ.ਓ. ਜਸਵੀਰ ਸਿੰਘ ਮੌਕੇ 'ਤੇ ਪਹੁੰਚੇ | ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ ਅਤੇ ਬੈਂਕ ਪਾਸੋਂ ਵੀ ਏ.ਟੀ.ਐਮ. ਅੰਦਰ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਹਾਸਿਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੈਂਕ ਵਲੋਂ ਹਾਲ ਦੀ ਘੜੀ ਨਗਦੀ ਬਾਰੇ ਕੁੱਝ ਸਪੱਸ਼ਟ ਨਹੀਂ ਦੱਸਿਆ ਗਿਆ ਹੈ ਪਰ ਸੂਤਰਾਂ ਅਨੁਸਾਰ ਏ.ਟੀ.ਐਮ. ਵਿਚ ਲੱਖਾਂ ਰੁਪਏ ਦੀ ਨਗਦੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |