ਚੰਡੀਗੜ੍ਹ, 28 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵਲੋਂ ਨਿਊਜ਼ੀਲੈਂਡ ਦੇ ਸੇਬਾਂ 'ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ 'ਸਿੱਧਾ ਵਿਸ਼ਵਾਸਘਾਤ' ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ | ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ | ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ | ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਕਿਸਾਨਾਂ, ਖ਼ਾਸ ਕਰਕੇ ਬਾਗਬਾਨੀ ਨਾਲ ਜੁੜੇ ਉਤਪਾਦਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਵੇ |