ਕੋਟ ਈਸੇ ਖਾਂ, 31 ਮਈ (ਨਿਰਮਲ ਸਿੰਘ ਕਾਲੜਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਵਿਚ ਐਨ. ਐਸ. ਐਸ. ਵਲੰਟੀਅਰ ਨੇ ਭਾਗ ਲਿਆ | ਵਲੰਟੀਅਰ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨਾਲ ਸੰਬੰਧਿਤ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ | ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਨਸ਼ਾ ਅਜਿਹੀ ਭੈੜੀ ਲਾਹਨਤ ਹੈ ਨਸ਼ੇ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ | ਇਸ ਸਮੇਂ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਤੰਬਾਕੂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਵਲੰਟੀਅਰਜ਼ ਨੂੰ ਪਿ੍ੰਸੀਪਲ ਰਮਨਜੀਤ ਕੌਰ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰੋਗਰਾਮ ਅਫਸਰ ਅਮੀਰ ਸਿੰਘ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |