ਬਾਘਾ ਪੁਰਾਣਾ, 1 ਜੂਨ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)- ਬਾਘਾ ਪੁਰਾਣਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਦੇ ਗੁਰਦੁਆਰਾ ਨਾਨਕ ਨਗਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਕੀਤੀ ਗਈ | ਇਸ ਸਮੇਂ ਉਨ੍ਹਾਂ ਵਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਵਿਚਾਰ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਦਾ ਉਪਦੇਸ਼ ਦਿੱਤਾ | ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਅਖੰਡ ਪਾਠ ਸਾਹਿਬ ਨੂੰ ਮੁੱਖ ਰੱਖਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ |