ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਤੰਬਾਕੂ ਦੀ ਵਰਤੋਂ ਕਰਨ 'ਤੇ ਹੋਣ ਵਾਲੇ ਨੁਕਸਾਨ ਨੂੰ ਦਰਸਾਉਂਦੇ ਹੋਏ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲੀ ਵਿਦਿਆਰਥੀਆਂ ਨੇ ਦੱਸਿਆ ਕਿ ਹਰ ਸਾਲ 31 ਮਈ ਨੂੰ ਵਿਸ਼ਵ ਸਿਹਤ ਸੰਗਠਨ ਅਤੇ ਹੋਰ ਸੰਸਥਾਵਾਂ ਮਿਲ ਕੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਉਂਦੇ ਹਨ | ਇਸ ਸਾਲਾਨਾ ਮੁਹਿੰਮ ਵਿਚ ਤੰਬਾਕੂ ਦੀ ਵਰਤੋਂ ਦੇ ਨੁਕਸਾਨ, ਮਾਰੂ ਪ੍ਰਭਾਵਾਂ ਅਤੇ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਦੇ ਫੇਫੜਿਆਂ ਦੀ ਸਿਹਤ ਉੱਤੇ ਅਸਰ ਪੈਂਦਾ ਹੈ, ਸਾਹ ਦੀ ਬਿਮਾਰੀ ਤੋਂ ਲੈ ਕੇ ਕੈਂਸਰ ਤੱਕ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ ਇਹ ਦਿਵਸ ਕਿਸੇ ਖ਼ਾਸ ਥੀਮ ਨਾਲ ਮਨਾਇਆ ਜਾਂਦਾ ਹੈ ਇਸ ਵਾਰ ਦਾ ਥੀਮ ਹੈ 'ਚਮਕਦਾਰ ਉਤਪਾਸ, ਕਾਲੇ ਇਰਾਦੇ | ਅਪੀਲ ਨੂੰ ਬੇਪਰਦਾ ਕਰਨਾ |' ਇਸ ਦੌਰਾਨ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਤੰਬਾਕੂ ਦੇ ਉਤਪਾਦਨ ਵਿਚ ਵਰਤੋਂ ਵਿਚ ਆਉਣ ਵਾਲੇ ਕਈ ਇਸ ਤਰ੍ਹਾਂ ਦੇ ਸਰੋਤਾਂ ਦੀ ਬਰਬਾਦੀ ਹੁੰਦੀ ਹੈ, ਜਿਨ੍ਹਾਂ ਉੱਪਰ ਸਾਡੀ ਹੋਂਦ ਨਿਰਭਰ ਕਰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਤੁਹਾਡੇ ਆਸ-ਪਾਸ ਅਗਰ ਕੋਈ ਸਿਗਰਟ ਦਾ ਸੇਵਨ ਕਰਦਾ ਹੈ ਤਾਂ ਉਸ ਨੂੰ ਰੋਕੋ ਤੇ ਤੰਬਾਕੂ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਦੱਸੋ | ਤੰਬਾਕੂ ਦਾ ਲਗਾਤਾਰ ਸੇਵਨ ਕਰਨ ਨਾਲ ਕੈਂਸਰ ਦੇ ਰੋਗ ਹੋ ਜਾਂਦੇ ਹਨ, ਜਿਨ੍ਹਾਂ ਤੋਂ ਬਚਣਾ ਵੀ ਔਖਾ ਹੋ ਜਾਂਦਾ ਹੈ | ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਤੰਬਾਕੂ ਮੁਕਤ ਜੀਵਨ ਪ੍ਰਤੀ ਆਪਣੀ ਵਚਨਬੱਧਤਾ ਵਿਚ ਮਜ਼ਬੂਤ ਰਹਿਣ ਲਈ ਪ੍ਰੇਰਿਤ ਕੀਤਾ |