ਫ਼ਤਿਹਗੜ੍ਹ ਪੰਜਤੂਰ, 1 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਮੈਡਮ ਚਾਰੂ ਮਿਤਾ ਵਲੋਂ ਧਰਮਕੋਟ ਦੇ ਸਤਲੁਜ ਦਰਿਆ ਨਜ਼ਦੀਕ ਪੈਂਦੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਜਾਣਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਨਾਜ਼ੁਕ ਸਥਿਤੀ ਵਿਚ ਲੋਕਾਂ ਦੇ ਨਾਲ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ | ਵਿਧਾਇਕ ਤੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਨੇ ਰਾਊਵਾਲ ਰਾਹਤ ਕੈਂਪ, ਪਿੰਡ ਸੰਘੇੜਾ ਵਿਖੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਧਰਮਕੋਟ ਹਿਤੇਸ਼ਵੀਰ ਗੁਪਤਾ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰੇਕ ਪੱਖ ਤੋਂ ਮਦਦ ਕੀਤੀ ਜਾ ਰਹੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਾਲਾਤ ਸਥਿਰ ਨਹੀਂ ਹੋ ਜਾਂਦੇ | ਉਨ੍ਹਾਂ ਕਿਹਾ ਕਿ ਪਿੰਡ ਸੰਘੇੜਾ ਦੇ ਨਿਵਾਸੀਆਂ ਨੂੰ ਧੁੱਸੀ ਬੰਨ੍ਹ ਦੇ ਬਾਹਰਲੇ ਪਾਸੇ ਪੰਚਾਇਤੀ ਜ਼ਮੀਨ ਉੱਪਰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਰਾਊਵਾਲ ਰਾਹਤ ਕੈਂਪ ਵਿਚ ਆਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਰਾਹਤ ਕੈਂਪ ਵਿਚ ਲੋਕਾਂ ਲਈ ਹਰੇਕ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇੱਥੇ ਰਹਿਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਨਾਲ ਨਜਿੱਠਣ ਲਈ ਪ੍ਰਭਾਵਿਤ ਪਿੰਡਾਂ ਦੇ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਕਿਉਂਕਿ ਉਨ੍ਹਾਂ ਦੀ ਭਲਾਈ ਲਈ ਹੀ ਰਾਹਤ ਸੈਂਟਰ ਬਣਾਇਆ ਗਿਆ ਹੈ | ਪ੍ਰਸ਼ਾਸਨ ਵਲੋਂ ਧੁੱਸੀ ਬੰਨ੍ਹ ਨੂੰ ਪਹਿਲਾਂ ਤੋਂ ਮਜ਼ਬੂਤੀ ਦਿੱਤੀ ਗਈ ਸੀ ਤਾਂ ਕਿ ਪਾਣੀ ਨਾਲ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |