ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਗੁਰਦਵਾਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫ਼ਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ | ਜਿਸ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ 35 ਪਿੰਡਾਂ ਵਿਚੋਂ 1100 ਵਿਅਕਤੀਆਂ ਨੂੰ , ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫ਼ਾਜ਼ਿਲਕਾ ਤਹਿਸੀਲ ਦੇ 32 ਪਿੰਡਾਂ ਵਿਚੋਂ 800 ਦੇ ਲਗਭਗ ਵਿਅਕਤੀਆਂ ਨੂੰ , ਅੰਮਿ੍ਤਸਰ ਜ਼ਿਲ੍ਹੇ ਦੀ ਰਾਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ ਵਿਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਅਤੇ ਰਾਸ਼ਨ ਪਹੁੰਚਾਇਆ ਗਿਆ ਅਤੇ 1500 ਤੋਂ ਵੱਧ ਰਾਸ਼ਨ ਦੀਆਂ ਕਿੱਟਾਂ ਅਤੇ ਲੰਗਰ ਵੰਡਿਆਂ ਗਈਆਂ | ਫ਼ਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿਚ ਰੈਸਕਿਊ ਅਪ੍ਰੇਸ਼ਨ ਚੱਲ ਰਿਹਾ ਹੈ, ਇਸ ਅਪਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਇਨ੍ਹਾਂ ਪਿੰਡਾਂ ਵਿਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆਂ ਜਾ ਰਿਹਾ ਹੈ | ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਹੜ੍ਹ ਪੀੜਤਾਂ ਦੇ ਰਾਹਤ ਕਾਰਜਾਂ ਲਈ ''ਹੜ੍ਹ ਪੀੜਤ ਰਾਹਤ ਕੈਂਪ'' ਬਣਾਏ ਗਏ ਹਨ, ਜੋ ਕਿ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਲਈ ਅਕਾਲ ਅਕੈਡਮੀ ਤਿੱਬੜ, ਦੀਨਾਨਗਰ, ਸੁਜਾਨਪੁਰ ਅਤੇ ਡੇਰਾ ਬਾਬਾ ਨਾਨਕ ਵਿਖੇ, ਅੰਮਿ੍ਤਸਰ ਜ਼ਿਲੇ੍ਹ ਲਈ ਅਕਾਲ ਅਕੈਡਮੀ ਵਛੋਆ ਅਤੇ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਕੈਂਪ ਬਣਾਇਆ ਗਿਆ | ਜਿੱਥੋਂ ਨੇੜੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅਤੇ ਢਾਣੀਆਂ ਵਿਚ ਕਿਸ਼ਤੀ ਰਾਹੀਂ ਹੜ੍ਹ ਪੀੜਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ |