ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਵਿਲੱਖਣ ਢੰਗ ਨਾਲ ਮਨਾਇਆ ਗਿਆ | ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਸਕੂਲਾਂ ਵਿਚ ਇਸ ਸਮੇਂ ਛੁੱਟੀਆਂ ਹੋਣ ਕਰ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਆਪਣੇ-ਆਪਣੇ ਘਰਾਂ ਵਿਚ ਮਨਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਚੌਪਈ ਸਾਹਿਬ ਦੇ ਪਾਠ ਕਰਨ ਲਈ ਬੇਨਤੀ ਕੀਤੀ ਗਈ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਪਣੇ ਘਰਾਂ ਵਿਚ ਬੈਠ ਕੇ ਇਸ ਪਾਠ ਵਿਚ ਆਪਣੀ ਹਾਜ਼ਰੀ ਲਗਵਾਈ | ਸਕੂਲ ਦੀ ਪ੍ਰਾਇਮਰੀ ਵਿਭਾਗ ਦੀ ਕੋਆਰਡੀਨੇਟਰ ਮੈਡਮ ਅੰਮਿ੍ਤਪਾਲ ਕੌਰ ਨੇ ਸਾਰਿਆਂ ਵਲੋਂ ਪੰਜਾਬ ਨੂੰ ਇਸ ਕੁਦਰਤੀ ਆਫ਼ਤ ਵਿਚੋਂ ਬਾਹਰ ਕੱਢਣ ਦੀ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਸਮੁੱਚੀ ਮੈਨੇਜਮੈਂਟ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ |