ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਨਾਲ ਲੱਗਦੇ ਸਤਲੁਜ ਦਰਿਆ 'ਤੇ ਕਈ ਪਿੰਡ ਵੀ ਹੜ੍ਹਾਂ ਦੀ ਲਪੇਟ ਵਿਚ ਆ ਗਏ ਹਨ ਅਤੇ ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਲੋਕ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਵੀ ਹੜ੍ਹ ਪ੍ਰਭਾਵਿਤ ਪਿੰਡ ਸੰਘੇੜਾ, ਮੇਲਕ ਕੰਗਾਂ, ਸ਼ੇਰੇਵਾਲਾ ਵਿਖੇ ਹੜ੍ਹ ਪੀੜਤਾਂ ਨੂੰ ਦਵਾਈਆਂ ਵੰਡਣ ਦੇ ਨਾਲ ਹੋਰ ਵੀ ਰਾਹਤ ਸਮੱਗਰੀ ਵੰਡੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਤਖ਼ਤੂਪੁਰਾ ਨੇ ਦੱਸਿਆ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਆਦੇਸ਼ ਦਿੱਤੇ ਹਨ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਹੜ੍ਹ ਪੀੜਤਾਂ ਦੀ ਮਦਦ ਕਰਨ | ਇਸ ਲਈ ਇਸ ਸੰਕਟ ਦੀ ਘੜੀ ਵਿਚ ਉਹ ਵੀ ਆਪਣਾ ਫ਼ਰਜ਼ ਸਮਝਦੇ ਹੋਏ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਡਟੇ ਹੋਏ ਹਨ |