ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ੰਸੀਪਲ ਸਤਵਿੰਦਰ ਕੌਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਭਵਨ ਸਰੀ ਕੈਨੇਡਾ ਦੀ ਰਹਿਨੁਮਾਈ ਹੇਠ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਦੇ ਤਹਿਤ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਸਨਮਾਨਿਤ ਕੀਤਾ ਗਿਆ | ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਨਾਲ ਜੁੜ ਕੇ ਜੋ ਯੋਗਦਾਨ ਪਾਇਆ ਹੈ, ਉਹ ਸ਼ਲਾਘਾਯੋਗ ਹੈ | ਇਸ ਵਿਲੱਖਣ ਕਾਰਜ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਸਰੀ ਕੈਨੇਡਾ ਅਦਾਰਾ ਆਪ ਸਭ ਨੂੰ ਸਨਮਾਨਿਤ ਕਰਦਿਆਂ ਅਥਾਹ ਖ਼ੁਸ਼ੀ ਦਾ ਪ੍ਰਗਟਾਵਾ ਕਰਦਾ ਹੈ | ਉਮੀਦ ਹੈ ਕੈਂਬਰਿਜ ਸਕੂਲ ਇਸੇ ਤਰ੍ਹਾਂ ਹੀ ਮਾਂ ਬੋਲੀ ਦਾ ਮਿਆਰ ਪੂਰੀ ਦੁਨੀਆ ਵਿਚ ਹਰ ਪੱਖੋਂ ਉੱਚਾ ਚੁੱਕਣ ਲਈ ਸਮੇਂ-ਸਮੇਂ ਸਿਰ ਆਪਣੀਆਂ ਸੇਵਾਵਾਂ ਦਿੰਦਾ ਰਹੇਗਾ | ਚੇਅਰਮੈਨ ਦਵਿੰਦਰਪਾਲ ਸਿੰਘ ਨੇ ਇਸ ਮੌਕੇ ਸੁੱਖੀ ਬਾਠ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਮਾਂ ਬੋਲੀ ਪੰਜਾਬੀ ਦੀ ਸੇਵਾ ਕਰਨ ਲਈ ਤਤਪਰ ਰਹਿਣਗੇ ਅਤੇ ਪੰਜਾਬ ਭਵਨ ਸਰੀ ਕੈਨੇਡਾ ਨੂੰ ਹਮੇਸ਼ਾ ਆਪਣਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਨਗੇ | ਸਕੂਲ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਵੀ ਸੁੱਖੀ ਬਾਠ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |