ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਭਵਨ ਸਰੀ ਕੈਨੇਡਾ ਦੀ ਰਹਿਨੁਮਾਈ ਹੇਠ ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ ਦੇ ਤਹਿਤ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬ ਨਾਲ ਜੋੜਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲੂਮਿੰਗ ਬਡਜ਼ ਸਕੂਲ ਨੇ ਨਵੀਆਂ ਕਲਮਾਂ ਅਤੇ ਨਵੀ ਉਡਾਣ ਪ੍ਰੋਜੈਕਟ ਨਾਲ ਜੁੜ ਕੇ ਜੋ ਯੋਗਦਾਨ ਪਾਇਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ | ਇਸੇ ਤਰਾਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਰਹਿਨੁਮਾਈ ਹੇਠ ਇਸ ਵਿਲੱਖਣ ਕਾਰਜ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਭਵਨ ਸਰੀ ਕੈਨੇਡਾ ਆਪ ਨੂੰ ਸਨਮਾਨਿਤ ਕਰਕੇ ਖ਼ੁਸ਼ੀ ਮਹਿਸੂਸ ਕਰ ਰਿਹਾ ਹੈ | ਸੁੱਖੀ ਬਾਠ ਨੇ ਆਸ ਪ੍ਰਗਟ ਕੀਤੀ ਕਿ ਬਲੂਮਿੰਗ ਬਡਜ਼ ਸਕੂਲ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਹਿਲਾਂ ਦੀ ਤਰਾਂ ਮਾਂ ਬੋਲੀ ਦਾ ਮਿਆਰ ਤੇ ਸਤਿਕਾਰ ਪੂਰੀ ਦੁਨੀਆਂ ਵਿਚ ਹਰ ਪੱਖੋ ਉਚਾ ਚੁੱਕਣ ਲਈ ਸਮੇਂ ਸਿਰ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ | ਇਸ ਮੌਕੇ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਸੁੱਖੀ ਬਾਠ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਮਾਂ ਬੋਲੀ ਪੰਜਾਬ ਦੀ ਸੇਵਾ ਕਰਨ ਲਈ ਤਤਪਰ ਰਹਿਣਗੇ ਅਤੇ ਪੰਜਾਬ ਭਵਨ ਸਰੀ ਕੈਨੇਡਾ ਨੂੰ ਹਮੇਸ਼ਾ ਆਪਣਾ ਯੋਗਦਾਨ ਦੇਣ ਲਈ ਵਚਨਬੱਧ ਰਹਿਣਗੇ | ਉਨ੍ਹਾਂ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਜੋ ਪੰਜਾਬੀ ਮਾਂ ਬੋਲੀ ਦੇ ਸਨਮਾਨ ਵਿਚ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੇ ਸੰਸਥਾਪਕ ਸੁੱਖੀ ਬਾਠ ਵਧਾਈ ਦੇ ਪਾਤਰ ਹਨ ਕਿ ਉਹ ਸਮੁੱਚੀ ਦੁਨੀਆਂ ਵਿਚ ਪੰਜਾਬ ਮਾਂ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਵਚਨਬੱਧ ਹਨ |