ਕੋਟ ਈਸੇ ਖਾਂ, 24 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਆਪਣਾ ਪੰਜਾਬ ਫਾੳਾੂਡੇਸ਼ਨ ਅਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ ਜੋ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਸਾਡੀ ਪਹਿਚਾਣ ਦੀ ਜੜ੍ਹ ਹੈ | ਇਸ ਲਈ ਨਵੀ ਪੀੜ੍ਹੀ ਨੂੰ ਪ੍ਰੇਮ ਅਤੇ ਸਤਿਕਾਰ ਨਾਲ ਵਧਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੁਆਰਾ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਤੇ ਭਾਸ਼ਾ ਨਾਲ ਜੋੜਦੇ ਰਹਾਂਗੇ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰਮੁਖੀ ਲਿਪੀ ਵਿਚ ਸੁੰਦਰ ਲਿਖਾਈ ਲਿਖ ਕੇ ਸੋਸ਼ਲ ਮੀਡੀਆ 'ਤੇ ਪਾਈ ਗਈ ਤਾਂ ਜੋ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਨਾ ਮਿਲੇ | ਇਸ ਮੌਕੇ ਪਿ੍ੰਸੀਪਲ ਮੈਡਮ ਰਮਨਜੀਤ ਕੋਰ ਨੇ ਕਿਹਾ ਕਿ ਬਾਬਾ ਫਰੀਦ ਦੇ ਆਗਮਨ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ | ਇਹ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਪ੍ਰਤੀ ਪ੍ਰੇਮ ਤੇ ਜਾਗਰੂਕਤਾ ਪੈਦਾ ਕਰਦਾ ਹੈ |