ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ | ਪਿੰਡ ਪੱਧਰ 'ਤੇ ਕੈਂਪਾਂ ਰਾਹੀਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਨੂੰ ਵਰਤਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕੀਤਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸੂਚਨਾ ਮਿਲਣ 'ਤੇ ਲਾਈਨ ਵਿਭਾਗਾਂ ਅਤੇ ਆਮ ਲੋਕਾਂ ਨਾਲ ਸਹੀ ਤਾਲਮੇਲ ਲਈ ਇਹ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਇਆ ਗਿਆ ਹੈ | ਕੰਟਰੋਲ ਰੂਮ ਦਾ ਨੰਬਰ 01636-235206 ਹੈ ਜਿਹੜਾ ਕਿ ਹਫ਼ਤੇ ਦੇ ਸਾਰੇ ਦਿਨ 24 ਘੰਟੇ ਕਾਰਜਸ਼ੀਲ ਰਹੇਗਾ | ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਕੰਟਰੋਲ ਰੂਮ ਨੰਬਰ 'ਤੇ ਸੂਚਿਤ ਕੀਤਾ ਜਾ ਸਕਦਾ ਹੈ |