ਮੋਗਾ, 27 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਦਾ ਬੱਸ ਸਟੈਂਡ ਅਕਸਰ ਹਰ ਵੇਲੇ ਸੁਰਖੀਆਂ ਵਿਚ ਰਹਿੰਦਾ ਹੈ ਹੁਣ ਜਦ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਓਵਰਫਲੋ ਹੋਣ ਕਰਕੇ ਜਿੱਥੇ ਆਮ ਲੋਕਾਂ ਨੂੰ ਗੰਦੀ ਬਦਬੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਲੰਘਣ ਵਾਲੇ ਰਾਹਗੀਰ ਵੀ ਆਪਣੇ ਮੂੰਹ 'ਤੇ ਰੁਮਾਲ ਬੰਨ੍ਹ ਕੇ ਲੰਘਦੇ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਸਬੰਧਿਤ ਅਧਿਕਾਰੀ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੇ ਜਦੋਂ ਕਿ ਉਹ ਵੀ ਉੱਥੋਂ ਦੀ ਲੰਘਦੇ ਹਨ | ਇਸ ਮੌਕੇ ਆਸ ਪਾਸ ਦੇ ਦੁਕਾਨਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੀਵਰੇਜ ਓਵਰਫਲੋ ਹੋਣ ਕਰਕੇ ਇਹ ਗੰਦਾ ਪਾਣੀ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਖੜ੍ਹ ਹੈ ਅਤੇ ਇੱਥੋਂ ਗੰਦੀ ਬਦਬੂ ਆਉਂਦੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਮੱਛਰਾਂ ਦੀ ਭਾਰੀ ਭਰਮਾਰ ਹੋਣ ਕਰਕੇ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਬਣ ਚੁੱਕਿਆ ਹੈ | ਬੱਸ ਸਟੈਂਡ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਇਸ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਮੱਛਰਾਂ ਦੀ ਅਕਸਰ ਇੱਥੇ ਭਰਮਾਰ ਰਹਿੰਦੀ ਹੈ ਅਤੇ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਬਿਮਾਰੀਆਂ ਫੈਲਣ ਦਾ ਡਰ ਬਣਿਆ ਪਿਆ ਹੈ | ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਵਿਚ ਹੋਰ ਵੀ ਅਨੇਕਾਂ ਸਮੱਸਿਆਵਾਂ ਹਨ ਜਿਸ ਦਾ ਸਮੇਂ ਸਿਰ ਹੱਲ ਨਹੀਂ ਹੋ ਰਿਹਾ | ਉਨ੍ਹਾਂ ਮੰਗ ਕੀਤੀ ਕਿ ਰਾਹਗੀਰਾਂ ਅਤੇ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਪੇਸ਼ ਆ ਰਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ |