ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ | ਸ਼ਹੀਦਾਂ ਦੇ ਦਿਨ ਮਨਾਉਣ ਨਾਲ ਆਉਣ ਵਾਲੀਆਂ ਪੀੜ੍ਹੀਆਂ ਵਿਚ ਵੀ ਦੇਸ਼ ਕੌਮ ਪ੍ਰਤੀ ਜਜ਼ਬਾ ਪੈਦਾ ਹੁੰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਅੱਜ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖ਼ੂਨਦਾਨ ਕਰਨ ਸਮੇਂ ਕੀਤਾ | ਅੱਜ ਭਾਰਤ ਦੀ ਆਜ਼ਾਦੀ ਖ਼ਾਤਰ ਭਰ ਜਵਾਨੀ ਵਿਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਯੂਥ ਵਿੰਗ ਵਲੋਂ ਉਨ੍ਹਾਂ ਦੀ ਸ਼ਹੀਦੀ ਨੂੰ ਪ੍ਰਣਾਮ ਕਰਨ ਲਈ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਖ਼ੂਨਦਾਨ ਕੈਂਪ ਲਗਾਏ ਗਏ | ਚੇਅਰਮੈਨ ਮਧੇਕੇ ਨੇ ਜਿੱਥੇ ਆਪ ਖ਼ੂਨਦਾਨ ਕੀਤਾ ਉੱਥੇ ਹੀ ਚਾਰੇ ਹਲਕਿਆਂ ਦੇ ਖ਼ੂਨਦਾਨ ਕੈਂਪਾਂ ਵਿਚ ਹਾਜ਼ਰੀ ਵੀ ਲਵਾਈ ਅਤੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦਾ ਹੌਸਲਾ ਵੀ ਵਧਾਇਆ ਅਤੇ ਦੇਸ਼ ਦੇ ਸ਼ਹੀਦਾਂ ਨੂੰ ਹਮੇਸ਼ਾ ਆਪਣੇ ਦਿਲਾਂ ਵਿਚ ਰੱਖਣ ਅਤੇ ਉਨ੍ਹਾਂ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣ ਦੀ ਗੱਲ ਵੀ ਕੀਤੀ | ਅਖੀਰ ਵਿਚ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀ ਨੌਜਵਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਨਜੀਤ ਸਿੰਘ ਬੁੱਘੀਪੁਰਾ, ਹਲਕਾ ਨਿਹਾਲ ਸਿੰਘ ਵਾਲਾ ਦੇ ਯੂਥ ਪ੍ਰਧਾਨ ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਬਾਘਾ ਪੁਰਾਣਾ ਦੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਮਾਹਲਾ, ਮੋਗਾ ਦੇ ਯੂਥ ਪ੍ਰਧਾਨ ਸੁਖਵਿੰਦਰ ਸਿੰਘ ਦੌਲਤਪੁਰਾ, ਧਰਮਕੋਟ ਦੇ ਯੂਥ ਪ੍ਰਧਾਨ ਸਿਮਰਨਜੀਤ ਸਿੰਘ ਕਾਦਰ ਵਾਲਾ ਅਤੇ ਚਾਰੇ ਹਲਕਿਆਂ ਦੇ ਯੂਥ ਵਿੰਗ ਦੀਆਂ ਟੀਮਾਂ ਹਾਜ਼ਰ ਸਨ |