ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਮੋਰਚੇ ਦੇ ਕੋ ਕਨਵੀਨਰ ਰਣਦੀਪ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੋਹੇਲਾ ਤੇ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ | ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਰੋਸ ਵਜੋਂ ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ ਪੈਨਸ਼ਨ ਲਾਗੂ ਨਾ ਕਰਨ ਦਾ ਸਵਾਲ ਪੁੱਛਿਆ ਜਾਵੇਗਾ | ਐਕਸ਼ਨ ਦੌਰਾਨ ਮੋਰਚੇ ਵਲੋਂ ਸਮੂਹਿਕ ਵਫ਼ਦ ਕਾਲੇ ਚੋਲੇ ਪਾ ਕੇ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਘਰ ਵੱਲ ਜਾਵੇਗਾ | ਆਗੂਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ 'ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ.ਪੀ.ਐਸ. ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀ.ਪੀ.ਐਫ. ਖਾਤਾ ਨਹੀਂ ਖੋਲਿ੍ਹਆ ਹੈ | ਜਦ ਕਿ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ |