ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਰ੍ਹਾਂ ਐਂਟਰੀ ਮਾਰੀ ਹੈ ਕਿ ਸਿਆਸੀ ਗਲਿਆਰਿਆਂ ਦੀ ਹਵਾ ਹੀ ਬਦਲ ਕੇ ਰੱਖ ਦਿੱਤੀ ਹੈ | ਜਿੱਥੇ ਮੋਗਾ ਵਿਚ ਉਨ੍ਹਾਂ ਦੇ ਆਉਣ ਦਾ ਅਸਰ ਵੀ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵੀ ਪਹਿਲਾਂ ਤੋਂ ਜ਼ਿਆਦਾ ਉਤਸ਼ਾਹਿਤ ਨਜ਼ਰ ਆ ਰਹੇ ਹਨ | ਡਾ. ਕਮਲ ਦੀ ਪ੍ਰੇਰਨਾ ਨਾਲ ਜ਼ਿਲ੍ਹੇ ਭਰ ਤੋਂ ਵੱਡੀ ਸੰਖਿਆ ਵਿਚ ਪ੍ਰਮੁੱਖ ਸ਼ਖ਼ਸੀਅਤਾਂ, ਕਾਰੋਬਾਰੀਆਂ ਅਤੇ ਜ਼ਿਮੀਂਦਾਰਾਂ ਨੇ ਭਾਜਪਾ ਦਾ ਪੱਲਾ ਫੜਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਤੋਂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਦਿਨੋਂ-ਦਿਨ ਵਧਦੇ ਜਨ ਆਧਾਰ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਦਿਲਚਸਪੀ ਭਾਜਪਾ ਵੱਲ ਹੈ | ਇਹ ਗੱਲ ਵੀ ਸੋਚਣ ਵਾਲੀ ਹੈ ਕਿ ਸਮਾਜ ਦੇ ਪ੍ਰਮੁੱਖ ਵਰਗ ਦੇ ਲੋਕ ਜਿਵੇਂ ਭਾਜਪਾ ਵੱਲ ਭਰੋਸਾ ਪ੍ਰਗਟ ਕਰਦੇ ਹੋਏ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ, ਇਹ ਸਪਸ਼ਟ ਸੰਕੇਤ ਹੈ ਕਿ ਪੰਜਾਬ ਵਿਚ ਭਵਿੱਖ ਭਾਜਪਾ ਦਾ ਹੈ | ਉਨ੍ਹਾਂ ਕਿਹਾ ਕਿ ਸਾਲ 2027 ਵਿਧਾਨ ਸਭਾ ਚੋਣਾਂ ਦਾ ਰੁਝਾਨ ਹੁਣ ਤੋਂ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ | ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਕਾਰਜਸ਼ੈਲੀ ਦੀ ਪ੍ਰਸੰਸਾ ਕੀਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਜ਼ਮੀਨੀ ਪੱਧਰ 'ਤੇ ਮਜ਼ਬੂਤ ਹੋ ਰਹੀ ਹੈ, ਜੋ ਕਿ ਆਉਣ ਵਾਲੇ ਸਿਆਸੀ ਸਮੇਂ ਲਈ ਸ਼ੁੱਭ ਸੰਕੇਤ ਹੈ | ਡਾ. ਹਰਜੋਤ ਕਮਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਸਿਰਫ਼ ਸਨਮਾਨ ਹੀ ਨਹੀਂ ਦਿੰਦੀ ਸਗੋਂ ਸੇਵਾ ਦਾ ਮੌਕਾ ਵੀ ਪ੍ਰਦਾਨ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹਿੱਸਾ ਬਣਨ ਤੋਂ ਬਾਅਦ ਜਨਤਾ ਦੀ ਆਵਾਜ਼ ਬਣਨਾ ਅਤੇ ਸਮਾਜ ਦੇ ਹਿਤਾਂ ਲਈ ਕੰਮ ਕਰਨਾ ਹੀ ਸੱਚੀ ਰਾਜਨੀਤਕ ਸੇਵਾ ਹੈ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਏਗੀ |