ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ 'ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਗਾਉਣ, ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ ਉੱਪਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ਉੱਪਰ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਤੇ ਧਾਰਮਿਕ ਜਲੂਸ ਵਗ਼ੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਬਿਨਾਂ ਪ੍ਰਵਾਨਗੀ ਜਲੂਸ ਆਦਿ ਕੱਢਣ ਨਾਲ ਜਨਤਕ ਸ਼ਾਂਤੀ ਭੰਗ ਹੋਣ ਦਾ ਤੇ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਹੈ | ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ ਪੁਲਿਸ, ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਹੋਰ ਸਰਕਾਰੀ ਸੇਵਕ, ਮਾਤਮੀ ਜਲੂਸ, ਵਿਆਹ ਵਗ਼ੈਰਾ 'ਤੇ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟ੍ਰੇਟ ਸੇਤੀਆ ਵਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ, ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਵੀ ਪਾਬੰਦੀ ਲਗਾਈ ਹੈ | ਇਹ ਦੋਨੋਂ ਪਾਬੰਦੀ ਦੇ ਆਦੇਸ਼ 31 ਦਸੰਬਰ 2025 ਤੱਕ ਲਾਗੂ ਰਹਿਣਗੇ |