ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਕਿਸਾਨ ਆਪਣੀ ਜਿਨਸ ਜਲਦ ਵੇਚ ਕੇ ਘਰਾਂ ਨੂੰ ਪਰਤਣ | ਪਿਛਲੇ ਸਾਲ ਨਾਲੋਂ ਇਸ ਸਾਲ ਪ੍ਰਤੀ ਦਿਨ ਦੀ ਚੁਕਾਈ ਨੂੰ ਵਧਾਇਆ ਗਿਆ ਹੈ | ਚੁਕਾਈ 'ਚ ਤੇਜ਼ੀ ਲਈ ਸਪੈਸ਼ਲਾਂ ਵੀ ਲਗਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਰਾਈਸ ਮਿੱਲਰਜ਼, ਆੜ੍ਹਤੀਆ ਐਸੋਸੀਏਸ਼ਨ ਨਾਲ ਰਾਬਤਾ ਬਣਾ ਕੇ ਉਨ੍ਹਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਪਹੁੰਚੀ 8,01,059 ਮੀਟਰਿਕ ਟਨ ਝੋਨੇ ਦੀ ਫਸਲ 'ਚੋਂ 7,66,756 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ | ਖਰੀਦ ਕੀਤੇ ਗਏ ਝੋਨੇ ਵਿਚੋਂ 5,66,987 ਚੁਕਾਈ ਵੀ ਕਰਵਾਈ ਜਾ ਚੁੱਕੀ ਹੈ | ਸਰਕਾਰੀ ਹਦਾਇਤਾਂ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵੀ ਤਹਿ ਸਮਾਂ ਸੀਮਾ ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ | ਇਸ ਲਈ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1628 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਬਣਾਈਆਂ ਗਈਆਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਉੱਪਰ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ |