ਕੋਟ ਈਸੇ ਖਾਂ, 4 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਤੇ ਸਿਰਮੌਰ ਵਿੱਦਿਅਕ ਸੰਸਥਾ ਹੇਮਕੁੰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਹੇਮਕੁੰਟ ਸਕੂਲ ਗੁਣਵੱਤਾ ਪੂਰਨ ਸਿੱਖਿਆ ਤੇ ਅਧਿਆਤਮਿਕ ਮੁੱਲਾਂ ਲਈ ਪ੍ਰਸਿੱਧ ਹੈ | ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਹੀ ਨਹੀ, ਸੰਸਕਿ੍ਤਕ ਤੇ ਧਾਰਮਿਕ ਜਾਗਰੂਕਤਾ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ | ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਸਿਮਰਨ, ਮੂਲ ਮੰਤਰ, ਜਪੁਜੀ ਸਾਹਿਬ, ਆਨੰਦ ਸਾਹਿਬ ਦੇ ਪਾਠ ਕੀਤੇ ਗਏ | ਮਿਊਜ਼ਿਕ ਅਧਿਆਪਕ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਇਆ | ਉਪਰੰਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੰਗਤ ਰੂਪੀ ਅਰਦਾਸ ਕੀਤੀ ਗਈ | ਸਕੂਲ ਪ੍ਰਬੰਧਕਾਂ ਵਲੋਂ ਪ੍ਰਸ਼ਾਦ, ਚਾਹ, ਲੰਗਰ ਵਰਤਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸਚਾਈ, ਨਾਮ ਸਿਮਰਨ ਤੇ ਸੇਵਾ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦੀ ਹੈ ਤੇ ਨਾਲ ਹੀ ਵਿਦਿਆਰਥੀਆਂ ਨੂੰ ਗੁਰਮਤਿ ਅਨੁਸਾਰ ਜੀਵਣ ਜਿਊਣ ਦੀ ਪੇ੍ਰਰਨਾ ਦਿੰਦਿਆਂ ਕਿਹਾ ਕਿ ਸਾਨੂੰ ਰੋਜ਼ਾਨਾ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਜ਼ਰੂਰ ਕਰਨੇ ਚਾਹੀਦੇ ਹਨ | ਪਿ੍ੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਅਮਲ ਕਰਨ ਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ |