ਅਜੀਤਵਾਲ, 24 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਪਵਿੱਤਰ ਗੁਰਬਾਣੀ ਨਾਲ ਸ਼ੁਰੂ ਹੋਏ ਸਮਾਗਮ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਫ਼ਰ, ਉਨ੍ਹਾਂ ਦੀ ਧਾਰਮਿਕ ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਤੇ ਅਦੁੱਤੀ ਕੁਰਬਾਨੀ ਬਾਰੇ ਵਿਚਾਰ ਪੇਸ਼ ਕੀਤੇ ਗਏ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਤਾਂ, ਨਿਰਦੋਸ਼ ਲੋਕਾਂ ਤੇ ਧਰਮ ਲਈ ਸ਼ਹਾਦਤ ਦਿੱਤੀ | ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਗਤੀ ਗੀਤ, ਨਾਟਕ ਤੇ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਗੁਰੂ ਸਾਹਿਬ ਦੇ ਦਰਬਾਰ ਦਾ ਦਿ੍ਸ਼ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਦੇ ਇਤਿਹਾਸ ਦਾ ਸੁਨਹਿਰਾ ਪੰਨਾ ਹੈ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੈਆ ਪਲਤਾ ਨੇ ਕਿਹਾ ਕਿ ਸਰਬੱਤ ਦਾ ਭਲਾ ਅੱਜ ਦੇ ਸਮੇਂ ਵਿਚ ਸਭ ਤੋਂ ਵੱਡੀ ਲੋੜ ਹੈ | ਸਮੂਹ ਸਕੂਲ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |