ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਨੂੰ ਸਮਰਪਿਤ ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਵਿਧਾਨ ਸਭਾ ਚੰਡੀਗੜ੍ਹ ਤੋਂ ਬਾਹਰ ਲਿਆ ਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਲਗਾਈ ਗਈ | ਜਿੱਥੇ ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ 'ਚ ਸਥਿਤ 3 ਤਖ਼ਤਾਂ ਦੇ ਸਨਮਾਨ ਲਈ ਇਤਿਹਾਸਕ ਪਹਿਲਕਦਮੀ ਕਰਦਿਆਂ ਹੋਇਆ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤਾ ਹੈ | ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਗਲਿਆਰੇ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੇਸ਼ ਕੀਤਾ ਗਿਆ | ਇਸ ਪਵਿੱਤਰ ਦਿਨ 'ਤੇ ਸਿੱਖ ਕੌਮ ਨੂੰ ਇਹ ਸੌਗਾਤ ਦੇਣ ਲਈ ਮਤਾ ਪਾਉਣ 'ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ |