ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਨਾਲ ਸਬੰਧਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਿਤ ਸ਼ਬਦ ਗਾਇਣ ਨਾਲ ਕੀਤੀ ਗਈ | ਸ਼ਬਦ ਸਰਵਣ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿਚੋਂ ਸ਼ਬਦਾਂ ਉੱਪਰ ਚਰਚਾ ਕਰਦੇ ਹੋਏ ਜੀਵਨ ਸੇਧ ਬਾਰੇ ਦੱਸਿਆ | ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ | ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ 'ਤੇ ਚਾਨਣਾ ਪਾਉਂਦੇ ਹੋਏ ਇਕ ਭਾਸ਼ਣ ਪੇਸ਼ ਕੀਤਾ ਗਿਆ | ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੁਆਰਾ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਜਾਣੰੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪਤਾ ਲੱਗ ਸਕੇ ਕਿ ਗੁਰੂ ਜੀ ਨੇ ਕਿਸ ਤਰ੍ਹਾਂ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ | ਇਸ ਮੌਕੇ ਵਿਦਿਆਰਥੀਆਂ ਨੇ ਇਹ ਪ੍ਰਣ ਕੀਤਾ ਕਿ ਉਹ ਗੁਰੂ ਸਾਹਿਬ ਦੇ ਦੱਸੇ ਸਿਧਾਂਤਾਂ 'ਤੇ ਚੱਲਣਗੇ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਨੇ ਬੱਚਿਆਂ ਨੂੰ ਸੱਚ ਦੇ ਮਾਰਗ 'ਤੇ ਚੱਲਦਿਆਂ ਆਪਣੇ ਇਤਿਹਾਸ ਨਾਲ ਜੁੜਨ ਤੇ ਗੁਰੂਆਂ ਦੀ ਦਿੱਤੀ ਕੁਰਬਾਨੀ ਨੂੰ ਯਾਦ ਰੱਖਣ ਤੇ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਸਿੱਜਦਾ ਕਰਦੇ ਹੋਏ ਕੋਟਿ-ਕੋਟਿ ਪ੍ਰਣਾਮ ਕੀਤਾ |