ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ਸਦਕਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੇ ਚੌਂਕੀ ਇੰਚਾਰਜ ਏ.ਐਸ.ਆਈ. ਗੁਰਬਿੰਦਰ ਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਏ ਰੱਖਣ ਤੇ ਚੋਣ ਪ੍ਰਕਿਰਿਆ 'ਚ ਸ਼ਾਂਤੀ ਬਣਾਈ ਰੱਖਣ ਲਈ ਸਾਰੇ ਲਾਇਸੰਸੀ ਅਸਲਾ ਮਾਲਕ ਆਪਣੇ-ਆਪਣੇ ਹਥਿਆਰ ਤੁਰੰਤ ਪੁਲਿਸ ਚੌਂਕੀ ਵਿਚ ਜਮਾਂ ਕਰਵਾਉਣ ਕਿਹਾ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਨਿਰਧਾਰਿਤ ਸਮੇਂ ਅੰਦਰ ਅਸਲਾ ਜਮਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਏ.ਐਸ.ਆਈ. ਗੁਰਬਿੰਦਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਮਾਹੌਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਨੇ ਕਿਹਾ ਕਿ ਇਹ ਕਦਮ ਲੋਕਾਂ ਦੀ ਸੁਰੱਖਿਆ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਲਿਆ ਗਿਆ ਹੈ | ਪੁਲਿਸ ਵਲੋਂ ਪਿੰਡ-ਪਿੰਡ ਜਾਗਰੂਕਤਾ ਵੀ ਚਲਾਈ ਜਾ ਰਹੀ ਹੈ, ਤਾਂ ਜੋ ਕੋਈ ਵੀ ਲਾਇਸੰਸੀ ਅਸਲਾ ਮਾਲਕ ਨਿਰਦੇਸ਼ਾਂ ਤੋਂ ਅਣਜਾਣ ਨਾ ਰਹੇ |