01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਵਿਚ ਕੀਤੀ ਗਈ ਜਿਸ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 8 ਦਸੰਬਰ ਨੂੰ ਜ਼ਿਲ੍ਹਾ ਮੋਗਾ ਦੇ ਸਾਰੇ ਪਾਵਰ ਕਾਮ ਸਬ ਤਹਿਸੀਲਾਂ ਤੇ ਡਵੀਜ਼ਨਲ ਉੱਪਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿਚ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਚਾਰ ਲੇਬਰ ਕੋਡਜ਼ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ | ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਜਾਣਕਾਰੀ ਦਿੰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਨੂੰ ਉਲੰਘ ਕੇ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਇਸ ਦੇ ਖ਼ਿਲਾਫ਼ ਅੱਜ ਤੱਕ ਇਕ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਜਦ ਕਿ ਕੇਂਦਰ ਵਲੋਂ ਰਾਜਾਂ ਨੂੰ ਆਪਣਾ ਪੱਖ ਰੱਖਣ ਲਈ ਦੂਸਰੀ ਵਾਰ ਦਿੱਤੀ ਗਈ ਸਮਾਂ ਸੀਮਾ 29 ਨਵੰਬਰ ਵੀ ਲੰਘ ਗਈ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਵੀ ਇਸ ਸੋਧ ਬਿੱਲ ਨੂੰ ਪਾਸ ਕਰਨ ਦੇ ਹੱਕ ਵਿਚ ਹੈ | ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਆਖਿਆ ਕਿ ਜੇ ਅਜਿਹਾ ਹੋ ਜਾਂਦਾ ਹੈ ਤਾਂ ਕਰਾਸ ਸਬਸਿਡੀ ਖ਼ਤਮ ਕਰ ਕੇ ਗ਼ਰੀਬਾਂ ਅਤੇ ਕਿਸਾਨਾਂ ਨੂੰ ਸਬਸਿਡੀ 'ਤੇ ਮਿਲਣ ਵਾਲੀ ਬਿਜਲੀ ਦਾ ਭੋਗ ਪਾ ਦਿੱਤਾ ਜਾਵੇਗਾ | ਵੰਡ ਖੇਤਰ ਵਿਚ ਕਾਰਪੋਰੇਟ ਘਰਾਨਿਆਂ ਦਾ ਦਾਖ਼ਲਾ ਅਤੇ ਗ਼ਰੀਬ ਅਮੀਰ ਨੂੰ ਇਕੋ ਰੇਟ 'ਤੇ ਮਹਿੰਗੀ ਬਿਜਲੀ ਦੇਣ ਨਾਲ ਆਮ ਲੋਕਾਂ ਨੂੰ ਬਿਜਲੀ ਮਹਿੰਗੀ ਮਿਲੇਗੀ | ਉਨ੍ਹਾਂ ਕਿਹਾ ਕਿ ਸੋਧ ਬਿੱਲ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੂਰੇ ਭਾਰਤ ਵਿਚ ਡਟਵੀਂ ਲੜਾਈ ਲੜੇਗਾ | ਇਸੇ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ 8 ਦਸੰਬਰ ਨੂੰ ਸਾਰੇ ਪੰਜਾਬ ਵਿਚ ਪਾਵਰ ਕਾਮ ਦੇ ਸਬ ਡਵੀਜ਼ਨ ਦਫ਼ਤਰਾਂ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਇਸ ਵਿਰੋਧ ਪ੍ਰੋਗਰਾਮ ਵਿਚ ਕਿਰਤੀ ਕਿਸਾਨ ਯੂਨੀਅਨ ਪੂਰੇ ਜ਼ੋਰ-ਸ਼ੋਰ ਨਾਲ ਸ਼ਮੂਲੀਅਤ ਕਰੇਗੀ | ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ ਨੇ ਮਜ਼ਦੂਰਾਂ ਦੀ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ ਬਾਰਾਂ ਘੰਟੇ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਰੱਦ ਕਰ ਕੇ ਚਾਰ ਲੇਬਰ ਕੋਡਜ਼ ਬਣਾਉਣ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਰਾਰ ਦਿੱਤਾ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਨੂੰ ਜਾਰੀ ਰੱਖਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ | ਇਸ ਵਾਸਤੇ ਛੋਟੇ ਅਤੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹਿਲ ਦਿੱਤੀ ਜਾਵੇਗੀ | ਮੋਗਾ ਜ਼ਿਲ੍ਹੇ ਦੇ ਮੋਗਾ ਸ਼ਹਿਰ, ਬਾਘਾ ਪੁਰਾਣਾ, ਧਰਮਕੋਟ, ਡਗਰੂ, ਅਜੀਤਵਾਲ, ਬੱਧਨੀ ਕਲਾਂ, ਬਿਲਾਸਪੁਰ ਤੇ ਪੱਤੋ ਆਦਿ ਪਾਵਰ ਕਾਮ ਸਬ ਤਹਿਸੀਲਾਂ 'ਤੇ 12 ਤੋਂ 3 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਸਮੇਂ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਬੂਟਾ ਸਿੰਘ ਤਖਾਣਵੱਧ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਅਜਮੇਰ ਸਿੰਘ ਛੋਟਾਘਰ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬੇਅੰਤ ਸਿੰਘ ਮੱਲੇਆਣਾ, ਗੁਰਪ੍ਰੀਤ ਸਿੰਘ ਭੈਣੀ, ਅਵਤਾਰ ਸਿੰਘ ਡਾਲਾ ਆਦਿ ਕਿਸਾਨ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਲੋਂ ਕਰਵਾਇਆ ਉਡਾਨ-2 ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ
Ad Position 24
No active advertisement