ਮੋਗਾ, 18 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ 'ਪੈਨਸ਼ਨਰ ਦਿਵਸ ਨੂੰ ਸਮਰਪਿਤ' ਮੁਲਾਜ਼ਮ ਤੇ ਪੈਨਸ਼ਨਰ ਵਰਗ ਨੂੰ ਦਰਪੇਸ਼ ਚੁਨੌਤੀਆਂ ਵਿਸ਼ੇ 'ਤੇ ਇਕ ਸੂਬਾ ਪੱਧਰੀ ਚੇਤਨਾ ਕਨਵੈੱਨਸ਼ਨ ਮਿਤੀ 20 ਦਸੰਬਰ, ਦਿਨ ਸਨਿਚਰਵਾਰ ਨੂੰ ਸਵੇਰੇ 10:30 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਕਨਵੈੱਨਸ਼ਨ ਨੂੰ ਏਟਕ ਪੰਜਾਬ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਉਚੇਚੇ ਤੌਰ 'ਤੇ ਸੰਬੋਧਨ ਕਰਨਗੇ | ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਦਰਸ਼ਨ ਸਿੰਘ, ਸਰਪ੍ਰਸਤ ਚਰਨ ਸਿੰਘ, ਸੂਬਾ ਪ੍ਰਧਾਨ ਰਣਜੀਤ ਸਿੰਘ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ, ਪਾਵਰ ਕਾਮ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਅਮਰੀਕ ਸਿੰਘ ਮਸੀਤਾਂ ਅਤੇ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਮੁਹੰਮਦ ਖਲੀਲ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੰਡ, ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ ਅਤੇ ਵਿੱਤ ਸਕੱਤਰ ਸੁਰਿੰਦਰ ਸਿੰਘ ਬਰਾੜ ਵੀ ਵਿਚਾਰ ਰੱਖਣਗੇ |