ਮੋਗਾ, 19 ਦਸੰਬਰ (ਸੁਰਿੰਦਰਪਾਲ ਸਿੰਘ)-ਕੁਝ ਦਿਨ ਪਹਿਲਾਂ ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਕਈ ਲੀਡਰਾਂ ਦੇ ਸਮੀਕਰਨ ਬਦਲ ਕੇ ਰੱਖ ਦਿੱਤੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਕੀਤਾ | ਉਨ੍ਹਾਂ ਕਿਹਾ ਕਿ ਜੇ ਗੱਲ ਹਲਕਾ ਨਿਹਾਲ ਸਿੰਘ ਵਾਲਾ ਦੀ ਕਰੀਏ ਤਾਂ ਇੱਥੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਸੂਝਬੂਝ ਵਾਲੀ ਰਣਨੀਤੀ ਕਾਰਨ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 5 'ਚੋਂ 4 ਅਤੇ ਬਲਾਕ ਸੰਮਤੀ ਦੀਆਂ 25 ਵਿਚੋਂ 14 ਸੀਟਾਂ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ | ਉੱਥੇ ਹੀ ਜੇ ਗੱਲ ਪੱਤੋ ਹੀਰਾ ਸਿੰਘ ਬਲਾਕ ਸੰਮਤੀ ਜ਼ੋਨ ਦੀ ਕਰੀਏ ਤਾਂ ਇੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਗਰੇਵਾਲ ਦਾ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਨਾਲ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਕੰਮਾਂ ਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਠਰੰ੍ਹਮੇ ਤੇ ਨਿਮਰਤਾ ਭਰੀ ਰਾਜਨੀਤੀ ਕਰਕੇ ਇੱਥੋਂ ਇਕ ਆਮ ਘਰ ਦੇ ਨੌਜਵਾਨ ਕੁਲਵੰਤ ਸਿੰਘ ਗਰੇਵਾਲ ਨੇ ਬਾਜ਼ੀ ਮਾਰੀ | ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਿੱਥੇ ਉਹ ਪੂਰੇ ਮੋਗਾ ਜ਼ਿਲ੍ਹੇ 'ਚ ਜੇਤੂ ਰਹੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਨ, ਉੱਥੇ ਉਹ ਜਿੱਤ ਪ੍ਰਾਪਤ ਕਰਨ ਲਈ ਡਾ. ਕੁਲਵੰਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹਨ |